* ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨਾਲ ਕੀਤੇ ਵਾਅਦੇ ਸਮੇਂ ਸਿਰ ਪੂਰੇ ਕੀਤੇ ਜਾਣਗੇ
* ਬੀਬੀ ਭੱਠਲ, ਡਿਪਟੀ ਕਮਿਸ਼ਨਰ, ਐਸ.ਐਸ.ਪੀ, ਰਜਿੰਦਰ ਸਿੰਘ ਰਾਜਾ ਅਤੇ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਸੌਪਿਆ ਚੈੱਕ
ਚੰਡੀਗੜ/ਸੰਗਰੂਰ, 19 ਨਵੰਬਰ:
ਪੰਜਾਬ ਸਰਕਾਰ ਵੱਲੋਂ ਪਿੰਡ ਚੰਗਾਲੀਵਾਲਾ ਦੇ ਮਿ੍ਰਤਕ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੰੂ ਬੀਤੀ ਸ਼ਾਮ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਨੰੂ ਪੂਰਾ ਕਰਦਿਆਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਇਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਅਤੇ ਜ਼ਿਲੇ ਦੇ ਉੱਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਿੰਡ ਚੰਗਾਲੀਵਾਲਾ ਵਿਖੇ ਪਹੁੰਚ ਕੇ ਮਿ੍ਰਤਕ ਜਗਮੇਲ ਸਿੰਘ ਦੇ ਮਾਤਾ ਭਗਵਾਨ ਕੌਰ, ਪਤਨੀ ਮਨਜੀਤ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੰੂ 6 ਲੱਖ ਰੁਪਏ ਦਾ ਚੈਕ ਸੌਂਪਿਆ ਗਿਆ। ਇਸ ਮੌਕੇ ਉਨਾਂ ਦੱਸਿਆ ਕਿ ਸਰਕਾਰ ਦੀ ਤਰਫੋਂ ਬਕਾਇਆ 14 ਲੱਖ ਰੁਪਏ ਮਿ੍ਰਤਕ ਦੇ ਭੋਗ ਵਾਲੇ ਦਿਨ ਪੀੜਤ ਪਰਿਵਾਰ ਨੂੰ ਦਿੱਤੇ ਜਾਣਗੇ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਪੀੜਤ ਪਰਿਵਾਰ ਨੰੂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਉਨਾਂ ਦੇ ਨਾਲ ਖੜੀ ਹੈ ਅਤੇ ਪੀੜਤ ਪਰਿਵਾਰ ਨੰੂ ਬਣਦਾ ਮੁਆਵਜ਼ਾ ਦੇਣ ਦੇ ਨਾਲ-ਨਾਲ ਕੀਤੇ ਗਏ ਹੋਰ ਵਾਅਦੇ ਵੀ ਸਮੇਂ ਸਿਰ ਪੂਰੇ ਕੀਤੇ ਜਾਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸੱਤ ਦਿਨਾਂ ਦੇ ਅੰਦਰ-ਅੰਦਰ ਚਲਾਨ ਪੇਸ਼ ਕਰਕੇ ਇਸ ਦੁਖਾਂਤਕ ਘਟਨਾ ਲਈ ਜਿੰਮੇਵਾਰ ਦੋਸ਼ੀਆਂ ਨੰੂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਣਦੀ ਸਜ਼ਾ ਦਿਵਾਉਣ ਦੇ ਯਤਨ ਕੀਤੇ ਜਾਣਗੇ। ਉਨਾਂ ਇਹ ਵੀ ਦੱਸਿਆ ਕਿ ਮਿ੍ਰਤਕ ਦੀ ਪਤਨੀ ਨੰੂ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਬੱਚਿਆ ਦੀ ਪੜਾਈ ਦਾ ਖਰਚਾ ਵੀ ਸਰਕਾਰ ਵੱਲੋਂ ਹੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪਰਿਵਾਰ ਨੂੰ ਸਵਾ ਲੱਖ ਰੁਪਏ ਮਕਾਨ ਦੀ ਮੁਰੰਮਤ ਲਈ ਵੀ ਦਿੱਤੇ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਹੀ ਇਸ ਮੰਦਭਾਗੀ ਘਟਨਾ ਦਾ ਮਾਮਲਾ ਪੁਲਿਸ ਅਤੇ ਪ੍ਰਸ਼ਾਸਨ ਦੇ ਧਿਆਨ ’ਚ ਆਇਆ ਤਾਂ ਫੌਰੀ ਕਾਰਵਾਈ ਅਮਲ ’ਚ ਲਿਆਉਂਦੇ ਹੋਏ ਕਥਿਤ ਦੋਸ਼ੀਆਂ ਨੰੂ ਗਿ੍ਰਫਤਾਰ ਕਰ ਲਿਆ ਗਿਆ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ਵਿੱਚ ਪੂਰੀ ਸਖ਼ਤੀ ਵਰਤੀ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਇਹ ਇੱਕ ਅਣਮਨੁੱਖੀ ਅਤੇ ਜ਼ਾਲਮਾਨਾ ਘਟਨਾ ਹੈ ਅਤੇ ਪੀੜਤ ਪਰਿਵਾਰ ਨੰੂ ਇਨਸਾਫ਼ ਦਿਵਾਉਣ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ ਸੰਦੀਪ ਗਰਗ, ਜ਼ਿਲਾ ਪ੍ਰਧਾਨ ਕਾਂਗਰਸ ਕਮੇਟੀ ਰਜਿੰਦਰ ਸਿੰਘ ਰਾਜਾ, ਐਸ.ਡੀ.ਐਮ ਕਾਲਾਰਾਮ ਕਾਂਸਲ, ਐਸ.ਪੀ ਗੁਰਮੀਤ ਸਿੰਘ, ਡੀ.ਐਸ.ਪੀ ਬੂਟਾ ਸਿੰਘ, ਅਤੇ ਵਿਲੀਅਮਜੀਤ ਸਿੰਘ ਜੇਜੀ ਸਮੇਤ ਹੋਰ ਅਧਿਕਾਰੀ ਅਤੇ ਆਗੂ ਮੌਜੂਦ ਸਨ।
———