ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਖੇਤ ਕਾਮਿਆਂ ਤੋਂ ਇਲਾਵਾ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

Punjab Govt 14th Budget Session of the 15th Vidhan Sabh

ਚੰਡੀਗੜ੍ਹ, 1 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਤੇ ਖੇਤ ਕਾਮਿਆਂ, ਆਜ਼ਾਦੀ ਘੁਲਾਟੀਏ ਤੇ ਰਾਜਨੀਤਿਕ ਸਖਸ਼ੀਅਤਾਂ ਤੋਂ ਇਲਾਵਾ ਕੋਰੋਨਾ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜੋ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਅਕਾਲ ਚਲਾਣਾ ਕਰ ਗਏ।
15ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ (14ਵੇਂ ਸੈਸ਼ਨ) ਦੇ ਪਹਿਲੇ ਦਿਨ ਸਦਨ ਵੱਲੋਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ, ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ, ਮੇਜਰ ਸਿੰਘ ਉਬੋਕੇ, ਬਾਲ ਮੁਕੰਦ ਸ਼ਰਮਾ, ਸੱਤਪਾਲ ਗੋਸਾਈਂ ਤੇ ਸਤਵੰਤ ਕੌਰ ਸੰਧੂ, ਸਾਂਝੇ ਪੰਜਾਬ ਦੇ ਸਾਬਕਾ ਡਿਪਟੀ ਮੰਤਰੀ ਚੰਦਰਾਵਤੀ ਤੇ ਸਾਬਕਾ ਵਿਧਾਇਕ ਬ੍ਰਿਜ ਲਾਲ ਗੋਇਲ ਨੂੰ ਸਰਧਾਂਜਲੀ ਦਿੱਤੀ ਗਈ।
ਹਾਊਸ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਵੀ ਭਾਵਪੂਰਨ ਸਰਧਾਂਜਲੀ ਦਿੱਤੀ ਗਈ।
ਇਸ ਮੌਕੇ ਮਹਾਨ ਪੰਜਾਬੀ ਗਾਇਕ ਸਰਦੂਲ ਸਿਕੰਦਰ, ਭਜਨ ਗਾਇਕ ਨਰਿੰਦਰ ਚੰਚਲ ਅਤੇ ਪੱਤਰਕਾਰ ਸਤਬੀਰ ਸਿੰਘ ਦਰਦੀ ਨੂੰ ਸਰਧਾਂਜਲੀ ਦਿੱਤੀ ਗਈ। ਹਾਊਸ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ, ਆਜ਼ਾਦੀ ਘੁਲਾਟੀਆਂ ਅਜੀਤ ਸਿੰਘ, ਜਥੇਦਾਰ ਗੋਹਲ ਸਿੰਘ ਤੁੜ, ਬਲਵੰਤ ਸਿੰਘ ਤੇ ਹਰਬੰਸ ਸਿੰਘ ਨੂੰ ਵੀ ਯਾਦ ਕੀਤਾ ਗਿਆ।
ਸਦਨ ਵੱਲੋਂ ਉਨ੍ਹਾਂ ਵਿਅਕਤੀਆਂ ਨੂੰ ਵੀ ਸਰਧਾਂਜਲੀ ਦਿੱਤੀ ਗਈ, ਜਿਨ੍ਹਾਂ ਦੀ ਕੋਰੋਨਾ ਮਹਾਂਮਾਰੀ ਕਾਰਨ ਜਾਨ ਗਈ।
ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੀ ਬੇਨਤੀ ‘ਤੇ ਨਾਮੀਂ ਰੰਗਕਰਮੀ ਮੋਹਨ ਮਿੱਢਾ ਤੇ ਪ੍ਰਸਿੱਧ ਲੇਖਕ ਦਰਸ਼ਨ ਦਰਵੇਸ਼ ਦਾ ਨਾਮ ਵੀ ਸਰਧਾਂਜਲੀਆਂ ਵਾਲੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ।
ਇਸ ਮੌਕੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਸਤਿਕਾਰ ਵੱਜੋਂ 2 ਮਿੰਟ ਦਾ ਮੌਨ ਧਾਰਿਆ ਗਿਆ।
ਇਸ ਦੌਰਾਨ ਸਪੀਕਰ ਰਾਣਾ ਕੰਵਰ ਪਾਲ ਸਿੰਘ ਵੱਲੋਂ ਉਨ੍ਹਾਂ ਮੈਂਬਰਾਂ ਨੂੰ ਸ਼ਰਧਾਂਜਲੀ ਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜੋ ਪਿਛਲੇ ਸੈਸ਼ਨ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਉਪਰੰਤ ਸਬੰਧਤ ਪਰਿਵਾਰਾਂ ਨੂੰ ਸਦਨ ਵੱਲੋਂ ਪ੍ਰਗਟਾਏ ਸ਼ੋਕ ਬਾਰੇ ਜਾਣੂੰ ਕਰਵਾਉਣ ਲਈ ਮਤਾ ਪਾਸ ਕੀਤਾ ਗਿਆ। ਇਹ ਮਤਾ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ।

Spread the love