ਸਿਹਤ ਵਿਭਾਗ ਵੱਲੋਂ ਭਰਤੀ ਮੁਹਿੰਮ ਦੌਰਾਨ 50 ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ

Punjab Health infrastructure Punjab Health and Family Welfare Minister  Balbir Singh Sidhu today handed over appointment letters to 50 Medical Officers(Specialist)

ਚੰਡੀਗੜ੍ਹ, 13 ਅਪੈ੍ਰਲ:

ਸੂਬੇ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 50 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟਾਂ) ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ 12 ਮੈਡੀਸਨ ਸਪੈਸ਼ਲਿਸਟ, 21 ਅਨੈਸਥੀਸੀਆ ਸਪੈਸ਼ਲਿਸਟ, 13 ਬਾਲ ਰੋਗ ਮਾਹਿਰ, 4 ਛਾਤੀ ਅਤੇ ਟੀ.ਬੀ. ਦੇ ਮਾਹਰ ਸ਼ਾਮਲ ਹਨ।

ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਘਰ ਘਰ ਰੋਜ਼ਗਾਰ’ ਯੋਜਨਾ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਪੰਜਾਬ ਦੇ ਬੇਰੁਜ਼ਗਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਮੈਰਿਟ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।

ਸਿਹਤ ਮੰਤਰੀ ਨੇ ਵਿਸਾਖੀ ਦੇ ਸ਼ੁਭ ਅਵਸਰ ’ਤੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦਾ ਅਮਲਾ ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਨਾਲ ਨਿਭਾ ਰਿਹਾ ਹੈ ਅਤੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।

ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀ.ਬੀ.ਸਿੰਘ ਨੇ ਸਿਹਤ ਵਿਭਾਗ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਾਲੇ ਨਵ ਨਿਯੁਕਤ ਸਟਾਫ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨਵੇਂ ਨਿਯੁਕਤ ਹੋਏ ਡਾਕਟਰਾਂ ਨੂੰ ਮਹਾਂਮਾਰੀ ਦੇ ਇਸ ਸਮੇਂ ਦੌਰਾਨ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਕੋਵਿਡ ਦੇ ਮਾਮਲੇ ਸਾਹਮਣੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਸਟਾਫ਼ ਕੋਲ ਸੂਬੇ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਅਤੇ ਮਹਾਂਮਾਰੀ ਦੇ ਖ਼ਾਤਮੇ ਵਿੱਚ ਯੋਗਦਾਨ ਪਾ ਕੇ ਦੇਸ਼ ਦੀ ਸੇਵਾ ਕਰਨ ਦਾ ਵਧੀਆ ਮੌਕਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਮੰਤਰੀ ਦੇ ਓ.ਐੱਸ.ਡੀ. ਡਾ ਬਲਵਿੰਦਰ ਸਿੰਘ, ਸੁਪਰਡੈਂਟ ਨਿਰਲੇਪ ਕੌਰ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ, ਕਲਾਕਾਰ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Spread the love