ਸਿਹਤ ਵਿਭਾਗ ਵਲੋਂ ਸੂਬਾ ਪੱਧਰੀ ਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ

ਪੰਜਾਬ ਭਰ ’ਚ 33 ਲੱਖ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ : ਤੇਜ ਪ੍ਰਤਾਪ ਸਿੰਘ ਫੂਲਕਾ*
ਐਸ.ਏ.ਐਸ ਨਗਰ, 4 ਜੁਲਾਈ : 
             ਨੈਸ਼ਨਲ ਹੈਲਥ ਮਿਸ਼ਨ (ਪੰਜਾਬ) ਦੇ ਮਿਸ਼ਨ ਡਾਇਰੈਕਟਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ (ਆਈ.ਏ.ਐਸ.) ਨੇ ਅੱਜ ਇਥੇ ਸੂਬਾ ਪੱਧਰੀ ਤੀਬਰ ਦਸਤ ਰੋਕੂ ਪੰਦਰਵਾੜੇ (ਆਈ.ਡੀ.ਸੀ.ਐਫ਼) ਦੀ ਸ਼ੁਰੂਆਤ ਕੀਤੀ। ਜ਼ਿਲ੍ਹਾ ਹਸਪਤਾਲ ਵਿਚ ਹੋਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਫੂਲਕਾ ਨੇ ਦੱਸਿਆ ਕਿ ਇਹ ਪੰਦਰਵਾੜਾ 4 ਜੁਲਾਈ ਤੋਂ 17 ਜੁਲਾਈ ਤੱਕ ਪੂਰੇ ਰਾਜ ਵਿਚ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਸੂਬੇ ਵਿਚ ਪੰਜ ਸਾਲ ਤੋਂ ਘੱਟ ਉਮਰ ਦੇ 33 ਲੱਖ ਬੱਚਿਆਂ ਨੂੰ ਕਵਰ ਕੀਤਾ ਜਾ ਰਿਹਾ ਹੈ।
            ਮਿਸ਼ਨ ਡਾਇਰੈਕਟਰ ਨੇ ਕਿਹਾ ਕਿ ਇਸ ਪੰਦਰਵਾੜੇ ਦਾ ਮੁੱਖ ਮਕਸਦ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀਆਂ ਦਸਤ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਘਟਾਉਣਾ ਹੈ। ਉਨ੍ਹਾਂ ਦੱਸਿਆ, ‘ਸਾਡੇ ਦੇਸ਼ ਵਿਚ ਹਰ ਸਾਲ ਘੱਟ ਤੋਂ ਘੱਟ 1.2 ਲੱਖ ਬੱਚੇ ਦਸਤ ਕਾਰਨ ਮਰਦੇ ਹਨ। ਇਹ ਵੀ ਵੇਖਿਆ ਗਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦਾ ਹਰ ਬੱਚਾ ਸਾਲ ਵਿਚ ਘੱਟੋ ਘੱਟ 2-3 ਵਾਰ ਦਸਤ ਤੋਂ ਪੀੜਤ ਹੁੰਦਾ ਹੈ। ਸਰਕਾਰ ਦਾ ਟੀਚਾ ਦਸਤ ਕਾਰਨ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਸਿਫ਼ਰ ਕਰਨਾ ਹੈ।’ ਉਨ੍ਹਾਂ ਕਿਹਾ ਕਿ ਪੰਦਰਵਾੜੇ ਦੇ ਉਦੇਸ਼ਾਂ ਵਿਚ ਦਸਤ ਦੀ ਰੋਕਥਾਮ ਲਈ ਹਰ ਪੱਧਰ ’ਤੇ ਜਾਗਰੂਕਤਾ ਪੈਦਾ ਕਰਨਾ, ਦਸਤ ਤੋਂ ਪੀੜਤ ਬੱਚਿਆਂ ਨੂੰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਦੇਣਾ, ਹੱਥ ਧੋਣ ਦੀਆਂ ਸਹੀ ਤਕਨੀਕਾਂ ਦਾ ਪ੍ਰਦਰਸ਼ਨ ਅਤੇ ਪ੍ਰਚਾਰ ਕਰਨਾ ਸ਼ਾਮਲ ਹਨ। ਉਨ੍ਹਾਂ ਆਖਿਆ ਕਿ ਸ਼ਹਿਰੀ ਅਤੇ ਸ਼ਹਿਰੀ ਝੁੱਗੀਆਂ ਲਈ ਮੋਬਾਈਲ ਸਿਹਤ ਟੀਮਾਂ ਦੀਆਂ ਦਸਤ ਕੰਟਰੋਲ ਗਤੀਵਿਧੀਆਂ ਨੂੰ ਤੇਜ਼ ਕਰਨਾ ਵੀ ਅਹਿਮ ਟੀਚਾ ਹੋਵੇਗਾ।
           ਇਸੇ ਦੌਰਾਨ ਸਿਹਤ ਵਿਭਾਗ ਦੇ ਡਾਇਰੈਕਟਰ ਸਿਹਤ ਸੇਵਾਵਾਂ ਸ. ਰਣਜੀਤ ਸਿੰਘ ਘੋਤੜਾ ਨੇ ਕਿਹਾ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅੰਦਰ ਦਸਤ ਦੀ ਬਿਮਾਰੀ ਉਨ੍ਹਾਂ ਦੀ ਮੌਤ ਦਾ ਵੱਡਾ ਕਾਰਨ ਹੈ। ਓ.ਆਰ.ਐਸ. ਦਾ ਘੋਲ ਅਤੇ ਜ਼ਿੰਕ ਦੀਆਂ ਗੋਲੀਆਂ ਦਸਤ ਰੋਗ ਦਾ ਸਹੀ ਇਲਾਜ ਹਨ। ਇਸ ਪੰਦਰਵਾੜੇ ਦੌਰਾਨ ਆਸ਼ਾ ਵਰਕਰਾਂ ਉਸ ਹਰ ਘਰ ਜਿਸ ਵਿਚ ਪੰਜ ਸਾਲ ਤੋਂ ਘੱਟ ਉਮਰ ਦਾ ਬੱਚਾ ਹੈ, ਵਿਚ ਜਾ ਕੇ ਓ.ਆਰ.ਐਸ. ਦਾ ਪੈਕਟ ਮੁੱਹਈਆ ਕਰਵਾਉਣਗੀਆਂ ਅਤੇ ਓ.ਆਰ.ਐਸ ਦਾ ਘੋਲ ਬਣਾਉਣ ਦੀ ਤਰਕੀਬ ਦੱਸਣਗੀਆਂ। ਇਸ ਤੋਂ ਇਲਾਵਾ ਦਸਤ ਦੀ ਬੀਮਾਰੀ ਦੇ ਲੱਛਣਾਂ, ਕਾਰਨਾਂ ਅਤੇ ਇਲਾਜ ਬਾਰੇ ਜਾਣੂੰ ਕਰਵਾਉਣ ਤੋਂ ਇਲਾਵਾ ਆਸ਼ਾ ਵਰਕਰ ਹਰ ਘਰ ਦੇ ਬਾਹਰ ਨਿਸ਼ਾਨੀ ਲਾਏਗੀ। ਉਨ੍ਹਾਂ ਦੱਸਿਆ ਕਿ ਸਾਰੀਆਂ ਸਿਹਤ ਸੰਸਥਾਵਾਂ ਵਿਚ ਟੱਟੀਆਂ-ਉਲਟੀਆਂ ਦੇ ਰੋਗ ਦੀ ਰੋਕਥਾਮ ਲਈ ਯੋਗ ਪ੍ਰਬੰਧ ਕੀਤੇ ਗਏ ਹਨ ਅਤੇ ਓ.ਆਰ.ਐਸ ਤੇ ਜ਼ਿੰਕ ਕਾਰਨਰ ਬਣਾਏ ਗਏ ਹਨ।
             ਸਮਾਗਮ ਵਿਚ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਡਿਪਟੀ ਡਾਇਰੈਕਟਰ ਡਾ. ਨਿਸ਼ਾ ਸਾਹੀ, ਸਹਾਇਕ ਡਾਇਰੈਕਟਰ ਡਾ. ਵਿਨੀਤ ਨਾਗਪਾਲ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਇੰਦਰਦੀਪ ਕੌਰ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਐਸ.ਐਮ.ਓ. ਡਾ. ਵਿਜੇ ਭਗਤ, ਡਾ. ਐਚ.ਐਸ. ਚੀਮਾ, ਸਟੇਟ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।