28 ਅਤੇ 29 ਅਕਤੂਬਰ ਨੂੰ ਲੱਗਣ ਵਾਲੇ ਸੁਵਿਧਾ ਕੈਂਪ ਵਿੱਚ ਇਕ ਹੀ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ ਸਹੂਲਤਾਂ
ਅੰਮ੍ਰਿਤਸਰ, 27 ਅਕਤੂਬਰ 2021
ਜਿਲੇ੍ ਦੇ ਲੋਕਾਂ ਦੀ ਸਹੂਲਤ ਲਈ 28 ਅਤੇ 29 ਅਕਤੂਬਰ ਨੂੰ ਇਕੋ ਹੀ ਛੱਤ ਹੇਠ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਜਿਲ੍ਹਾ ਪੱਧਰੀ ਸੁਵਿਧਾ ਕੈਂਪ 29 ਅਕਤੂਬਰ ਨੂੰ ਸਰਕਾਰੀ ਪੋਲੀਟੈਕਨੀਕਲ ਕਾਲਜ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਛੇਹਰਟਾ ਰੋਡ ਵਿਖੇ ਲਗਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ੍ਹੇ ਦੇ ਨਾਲ-ਨਾਲ ਤਹਿਸੀਲ ਪੱਧਰ ਉਤੇ ਸੁਵਿਧਾ ਕੈਂਪ ਲਗਾਉਣ ਦੀ ਹਦਾਇਤ ਜਿਲ੍ਹਾ ਅਧਿਕਾਰੀਆਂ ਨੂੰ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਵਿਧਾ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਖੱਜਲ ਖੁਆਰੀ ਤੋਂ ਰਾਹਤ ਦੇਣਾ ਹੈ।
ਹੋਰ ਪੜ੍ਹੋ :-ਉਪ ਮੁੱਖ ਮੰਤਰੀ ਵੱਲੋਂ ਜ਼ਿਲ੍ਹਾ ਹਸਪਤਾਲ ਮੁਹਾਲੀ ਦਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ
ਸ. ਖਹਿਰਾ ਨੇ ਐਸ ਡੀ ਐਮ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੁਵਿਧਾ ਕੈਂਪਾਂ ਵਿੱਚ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਦਫਤਰਾਂ ਦੇ ਚੱਕਰ ਨਾ ਕੱਟਣੇ ਨਾ ਪੈਣ। ਉਨਾਂ ਦੱਸਿਆ ਕਿ 28 ਅਕਤੂਬਰ ਨੂੰ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਅਟਾਰੀ, ਸਰਕਾਰੀ ਕਾਲਜ ਅਜਨਾਲਾ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਅਤੇ ਜੰਡਿਆਲਾ ਗੁਰੂ ਵਿਚ ਸੁਵਿਧਾ ਕੈਂਪ ਲਗਾਏ ਜਾਣ। ਇਸੇ ਤਰਾਂ 29 ਅਕਤੂਬਰ ਨੂੰ ਰਮਦਾਸ, ਮਰੜੀ ਕਲਾਂ ਅਤੇ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਵਿਖੇ ਅਜਿਹੇ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਿੱਤੀਆਂ ਜਾਣ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿਚ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟ, ਬਿਜਲੀ ਬਿਲਾਂ ਦੇ ਬਕਾਇਆ ਰਾਸ਼ੀ ਦੀ ਮਆਫ਼ੀ, ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਿਰਤਾਂ ਨੂੰ ਪੈਨਸ਼ਨ, ਪ੍ਰਧਾਨ ਮੰਤਰੀ ਯੋਜਨਾ ਅਧੀਨ ਪੱਕਾ ਮਕਾਨ ਬਨਾਉਣ ਲਈ ਦਰਖਾਸਤ, ਬਿਜਲੀ ਕੁਨੈਕਸ਼ਨ , ਘਰਾਂ ਵਿਚ ਪਖਾਨੇ, ਐਲ ਪੀ ਜੀ ਗੈਸ ਕੁਨੈਕਸ਼ਨ, ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ, ਸ਼ਗਨ ਸਕੀਮ, ਬੱਚਿਆਂ ਲਈ ਵਜੀਫੇ, ਬੇਰੁਜ਼ਗਾਰਾਂ ਲਈ ਨੌਕਰੀ ਦੇ ਪ੍ਰਸਤਾਵ ਤੇ ਕਰਜ਼ਾ ਸਹੂਲਤਾਂ, ਬੱਸ ਪਾਸ, ਜ਼ਮੀਨਾਂ ਤੇ ਪਲਾਟਾਂ ਦੇ ਇੰਤਕਾਲ, ਮਨਰੇਗਾ ਦੇ ਜਾਬ ਕਾਰਡ ਆਦਿ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੀਆਂ ਸਕੀਮਾਂ ਦੇ ਲਾਭ ਮੌਕੇ ਉਤੇ ਦਿੱਤੇ ਜਾਣਗੇ ਜਾਂ ਲਾਭ ਦੇਣ ਲਈ ਜ਼ਰੂਰੀ ਕਾਰਵਾਈ ਪੂਰੀ ਕੀਤੀ ਜਾਵੇਗੀ। ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਵਿਚ ਲੱਗਣ ਵਾਲੇ ਇੰਨਾਂ ਕੈਂਪਾਂ ਦਾ ਲਾਹਾ ਜ਼ਰੂਰ ਲੈਣ।