ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਵਿਖੇ ਨਵ-ਨਿਰਮਾਣ ਸਾਇੰਸ ਬਲਾਕ ਦਾ ਉਦਘਾਟਨ

ਵਿਦਿਆਰਥੀਆਂ ਨੂੰ ਟੀਚਿਆਂ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਦਾ ਦਿੱਤਾ ਸੱਦਾ
ਲੁਧਿਆਣਾ, 03 ਅਗਸਤ 2021 ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁੰਡੀਆਂ ਕਲਾਂ ਦੇ ਵਿਦਿਆਰਥੀਆਂ ਨੂੰ ਨਵਾਂ ਬਣਿਆ ਸਾਇੰਸ ਬਲਾਕ ਸਮਰਪਿਤ ਕੀਤਾ।
ਸਾਇੰਸ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ, ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਪਹੁੰਚਯੋਗ ਅਤੇ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਟੀਚਿਆਂ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣ ਲਈ ਕਿਹਾ ਜਿਨ੍ਹਾਂ ਨੇ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਵਾਰ ਦਿੱਤੀਆਂ ਕਿਉਂਕਿ ਇਹ ਵਿਦਿਆਰਥੀ ਸਾਡੀ ਕੌਮ ਦਾ ਭਵਿੱਖ ਹਨ।
ਉਨ੍ਹਾਂ ਕਿਹਾ ਕਿ ਭਾਰਤ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਨੌਜਵਾਨ ਆਬਾਦੀ ਹੈ ਅਤੇ ਸਾਰੇ ਨੌਜਵਾਨਾਂ ਦੇ ਮੋਢਿਆਂ ‘ਤੇ ਵੱਡੀ ਜ਼ਿੰਮੇਵਾਰੀ ਹੈ ਕਿ ਉਹ ਭਾਰਤ ਨੂੰ ਵਿਸ਼ਵ ਪੱਧਰ ‘ਤੇ ਮਹਾਂਸ਼ਕਤੀ ਬਣਾਉਣ।
ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਸਮਾਗਮ ਸ਼ੁਰੂ ਕਰਨ ਤੋਂ ਪਹਿਲਾਂ ਬਲਾਕ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।
ਸਕੂਲ ਦੇ ਸਟਾਫ ਦੇ ਨਾਲ ਪ੍ਰਿੰਸੀਪਲ ਸੁਸ਼ੀਲ ਕੁਮਾਰ, ਹੈਪੀ ਕੌਂਸਲਰ, ਮਨਦੀਪ, ਨਿਤਿਨ ਅਰੋੜਾ, ਇਲਾਕੇ ਦੇ ਸਰਪੰਚ ਅਤੇ ਹੋਰ ਹਾਜ਼ਰ ਸਨ।

Spread the love