ਕਿਹਾ, ਸਿੱਧੀ ਬਿਜਾਈ ਲਈ ਸਰਕਾਰ ਵਲੋਂ ਐਲਾਨ ਕੀਤੀ 1500 ਰੁਪਏ ਦੀ ਸਹਾਇਤਾ ਰਾਸ਼ੀ ਦਾ ਲਾਭ ਲੈਣ ਕਿਸਾਨ
ਫਿਰੋਜ਼ਪੁਰ, 25 ਮਈ.
ਪੰਜਾਬ ਸਰਕਾਰ ਵੱਲੋ ਪਾਣੀ ਦੇ ਡਿੱਗਦੇ ਪੱਧਰ ਨੂੰ ਉਪਰ ਚੁੱਕਣ ਲਈ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਯਾ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਤੇਗਾ ਸਿੰਘ ਵਾਲਾ ਵਿਖੇ ਕਿਸਾਨ ਕਮਲਪ੍ਰੀਤ ਸਿੰਘ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਵਿਧਾਇਕ ਰਜਨੀਸ਼ ਦਹੀਯਾ ਨੇ ਆਪ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਬਿਜਾਈ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਮਿਤ ਮਹਾਜਨ ਵੀ ਹਾਜ਼ਰ ਸਨ।
ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਕਿਸਾਨਾਂ ਨਾਲ ਝੋਨੇ ਦੀ ਸਿੱਧੀ ਬਿਜਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕਿਵੇਂ ਕਿਸਾਨ ਸਿੱਧੀ ਬਿਜਾਈ ਦੁਆਰਾ ਖਰਚਾ ਘਟਾ ਕੇ ਵਧੇਰੇ ਮੁਨਾਫਾ ਕਮਾ ਸਕਦੇ ਹਨ ਅਤੇ ਨਾਲ ਪਾਣੀ ਦੀ ਬੱਚਤ ਵੀ ਕਰ ਸਕਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਕਿਸਾਨ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਕਰੇ ਤਾਂ ਜੋ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਹੋ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕੱਦੂ ਵਾਲੇ ਝੋਨੇ ਦੀ ਜਗ੍ਹਾ ਵੱਧ ਤੋਂ ਵੱਧ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਝਾੜ ਵਿਚ ਵੀ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਂਦੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਸਿੱਧੀ ਬਿਜਾਈ ਲਈ ਐਲਾਨ ਕੀਤੀ 1500 ਰੁਪਏ ਦੀ ਸਹਾਇਤਾ ਦਾ ਵੱਧ ਤੋ ਵੱਧ ਫਾਇਦਾ ਉਠਾਉਣ ਲਈ ਵੀ ਕਿਹਾ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਪ੍ਰਿਥੀ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ ਨਾਲੋਂ ਜ਼ਿਲ੍ਹੇ ਵਿੱਚ ਇਸ ਵਾਰ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਵੇਗੀ। ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਧੀ ਬਿਜਾਈ ਨਾਲ ਜਿੱਥੇ ਪਾਣੀ ਦੀ ਕਾਫੀ ਬੱਚਤ ਹੁੰਦੀ ਹੈ, ਉੱਥੇ ਸਿੱਧੀ ਬਿਜਾਈ ਨਾਲ ਕਿਸਾਨਾਂ ਦਾ ਖਰਚਾ ਘੱਟ ਹੁੰਦਾ ਹੈ ਅਤੇ ਆਮਦਨ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਵਿੱਚ ਪਹਿਲਾ ਪਾਣੀ 21 ਦਿਨਾਂ ਤੇ ਲਾਉਣ ਦੀ ਮਹੱਤਤਾ ਅਤੇ ਨਾਲ ਹੀ ਸਿੱਧੀ ਬਿਜਾਈ ਵਿੱਚ ਖਾਦ ਅਤੇ ਨਦੀਨ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਪਿਛਲੇ ਵਰ੍ਹੇ ਸਿੱਧੀ ਬਿਜਾਈ ਵਿੱਚ ਸਫਲਤਾ ਹਾਸਿਲ ਕਰਨ ਵਾਲੇ ਕਿਸਾਨਾਂ ਦੁਆਰਾ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ। ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੂੰ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਿਨ੍ਹਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।