ਕਿਹਾ-ਮੋਟਰ ਵੀਕਲ ਟੈਕਸ ਜਮ੍ਹਾ ਕਰਾਉਣਾ ਯਕੀਨੀ ਬਣਾਇਆ ਜਾਵੇ
ਜਲੰਧਰ, 27 ਅਕਤੂਬਰ 2021
ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ‘ਤੇ ਸ਼ਿਕੰਜਾ ਕੱਸਦਿਆਂ ਅੱਜ ਅੱਧੀ ਦਰਜਨ ਤੋਂ ਵੱਧ ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਹ ਕਾਰਵਾਈ ਪੀ.ਏ.ਪੀ. ਚੌਕ ਅਤੇ ਨਕੋਦਰ ਚੌਕ ਵਿਖੇ ਕੀਤੀ ਗਈ, ਜਿਸ ਤਹਿਤ ਬਿਨ੍ਹਾਂ ਪਰਮਿਟ, ਮੋਟਰ ਵਹੀਕਲ ਟੈਕਸ, ਓਵਰਲੋਡਿੰਗ ਆਦਿ ਦੀ ਉਲੰਘਣਾ ਕਰਨ ‘ਤੇ 8 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਜ਼ਬਤ ਕੀਤੇ ਵਾਹਨਾਂ ਵਿੱਚ 4 ਟੂਰਿਸਟ ਬੱਸਾਂ, 3 ਟਿੱਪਰ ਅਤੇ 1 ਟਰੈਕਟਰ ਟਰਾਲੀ ਸ਼ਾਮਲ ਹੈ।
ਹੋਰ ਪੜ੍ਹੋ :-ਉਪ ਮੁੱਖ ਮੰਤਰੀ ਵੱਲੋਂ ਜ਼ਿਲ੍ਹਾ ਹਸਪਤਾਲ ਮੁਹਾਲੀ ਦਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਸ਼੍ਰੀ ਅਮਿਤ ਮਹਾਜਨ ਨੇ ਵਾਹਨ ਮਾਲਕਾਂ ਨੂੰ ਮੋਟਰ ਵਹੀਕਲ ਟੈਕਸ ਜਮ੍ਹਾ ਕਰਾਉਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਹਦਾਇਤ ਕੀਤੀ, ਤਾਂ ਜੋ ਉਨ੍ਹਾਂ ਨੂੰ ਅਜਿਹੀ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਦੁਪਹੀਆ ਵਾਹਨ ਚਾਲਕਾਂ ਨੂੰ ਜਿਥੇ ਵਾਹਨ ਚਲਾਉਂਦੇ ਸਮੇਂ ਹੈਲਮੇਟ ਪਹਿਨਣ ਦੀਆਂ ਹਦਾਇਤਾਂ ਕੀਤੀਆਂ ਉਥੇ ਕਾਰ ਸਵਾਰਾਂ ਨੂੰ ਸੀਟ ਬੈਲਟ ਦੀ ਵਰਤੋਂ ਕਰਨ ਲਈ ਵੀ ਕਿਹਾ।ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਓਵਰ ਸਪੀਡ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ।
ਸ਼੍ਰੀ ਮਹਾਜਨ ਨੇ ਕਿਹਾ ਕਿ ਇਹ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਅਤੇ ਇਸੇ ਤਰ੍ਹਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।