ਟੈਂਡਰ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ
ਚੰਡੀਗੜ੍ਹ, 04 ਅਕਤੂਬਰ:-
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਭੋਗਪੁਰ ਦੇ ਸੁੰਦਰੀਕਰਨ ਅਤੇ ਵਿਕਾਸ ਲਈ 151.83 ਲੱਖ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਵਿਭਾਗ ਨੇ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਅਤੇ ਨਾਲੀਆਂ ਦੀ ਉਸਾਰੀ ਕੀਤੀ ਜਾਵੇਗੀ। ਇਸਦੇ ਨਾਲ ਹੀ ਕਈ ਥਾਵਾਂ ‘ਤੇ ਗਲੀਆਂ ਅਤੇ ਨਾਲੀਆਂ ਦੀ ਵੀ ਮੁਰੰਮਤ ਕੀਤੀ ਜਾਵੇਗੀ। ਇਸੇ ਤਰ੍ਹਾਂ ਡੰਪ ਸਾਈਟਾਂ ਤੋਂ ਕੂੜਾ ਚੁੱਕਣ ਲਈ ਡਰਾਈਵਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ, ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਹੋਰ ਅਸਾਮੀਆਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ ਤਾਂ ਜੋ ਸਾਫ ਸਫਾਈ ਅਤੇ ਹੋਰ ਕੰਮਾਂ ਨੂੰ ਸਹੀ ਢੰਗ ਨਾਲ ਨਿਪਟਾਇਆ ਜਾ ਸਕੇ।
ਡਾ: ਨਿੱਜਰ ਨੇ ਇਹ ਵੀ ਕਿਹਾ ਕਿ ਸਾਰੇ ਟਿਊਬਵੈੱਲਾਂ ਦੇ ਰੱਖ-ਰਖਾਅ ਦਾ ਕੰਮ ਵੀ ਕੀਤਾ ਜਾਵੇਗਾ ਤਾਂ ਜੋ ਭੋਗਪੁਰ ਵਾਸੀਆਂ ਨੂੰ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਈ ਜਾ ਸਕੇ |
ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਨੂੰ ਮੁੱਖ ਤਰਜੀਹ ਦੇ ਰਹੀ ਹੈ, ਜੇਕਰ ਕੋਈ ਅਧਿਕਾਰੀ ਅਤੇ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕੰਮਾਂ ਲਈ ਟੈਂਡਰ 17 ਅਕਤੂਬਰ 2022 ਨੂੰ ਖੋਲ੍ਹੇ ਜਾਣਗੇ।