![GHANSHYAM GHANSHYAM](https://newsmakhani.com/wp-content/uploads/2021/12/GHANSHYAM.jpeg)
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ
ਯੋਗ ਲਾਭਪਾਤਰੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਰਜ਼ੀਆਂ ਜਮ੍ਹਾ ਕਰਵਾਉਣ ਦੀ ਕੀਤੀ ਅਪੀਲ
ਜਲੰਧਰ, 7 ਦਸੰਬਰ 2021
ਜ਼ਿਲ੍ਹੇ ਵਿੱਚ ਕੋਵਿਡ ਕਾਰਨ ਜਾਨਾਂ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ 50,000 ਰੁਪਏ ਐਕਸ ਗ੍ਰੇਸ਼ੀਆ ਸਹਾਇਤਾ ਰਾਸ਼ੀ ਮਿਲਣਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਸਬੰਧਤ ਅਧਿਕਾਰੀਆਂ ਨੂੰ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿੱਤੀ ਸਹਾਇਤਾ ਪ੍ਰਦਾਨ ਕਰਨ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾ ਸਕੇ।
ਹੋਰ ਪੜ੍ਹੋ :-ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ ‘ਚ ਪੂਨਮ ਕੁਮਾਰੀ ਨੇ ਕੀਤਾ ਪਹਿਲਾ ਸਥਾਨ ਹਾਸਲ
ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਕਿਸੇ ਵੀ ਯੋਗ ਪਰਿਵਾਰ ਨੂੰ ਲਾਭ ਦੇ ਦਾਇਰੇ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ ਅਤੇ ਲੋੜੀਂਦੀ ਵੈਰੀਫਿਕੇਸ਼ਨ ਪੂਰੀ ਕਰਨ ਉਪਰੰਤ ਸਾਰਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਅਜਿਹੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ ਵੀਡੀਓ ਕਾਨਫਰੰਸ ਵਿੱਚ ਭਾਗ ਲੈਂਦਿਆਂ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਜਿਹੇ ਕੁੱਲ 1499 ਕੇਸ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ 223 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 120 ਕੇਸਾਂ ਦੀ ਵੈਰੀਫਿਕੇਸ਼ਨ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਕੇਸਾਂ ਦੀ ਤਸਦੀਕ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਨੂੰ ਅਗਲੇ ਕੁਝ ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਬਾਕੀ ਅਰਜ਼ੀਆਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਇਸ ਕਾਰਜ ਨੂੰ ਸਰਵਓਚ ਪਹਿਲ ਦਿੱਤੀ ਜਾਵੇ ਤਾਂ ਜੋ ਕੋਵਿਡ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਐਕਸ ਗ੍ਰੇਸ਼ੀਆ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਜਾ ਸਕੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜਿਨ੍ਹਾਂ ਪਰਿਵਾਰਾਂ ਵਿੱਚ ਕੋਵਿਡ-19 ਕਾਰਨ ਕਿਸੇ ਪਰਿਵਾਰਿਕ ਮੈਂਬਰ ਦੀ ਮੌਤ ਹੋਈ ਹੈ, ਉਹ ਆਪਣਾ ਬਿਨੈ ਪੱਤਰ ਐਕਸ ਗ੍ਰੇਸ਼ੀਆ ਸਹਾਇਤਾ ਲਈ ਜਮ੍ਹਾ ਕਰਵਾਉਣ। ਅਰਜ਼ੀ ਫਾਰਮ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਜ਼ਿਲ੍ਹਾ ਜਲੰਧਰ ਦੀ ਵੈਬਸਾਈਟ www.jalandhar.nic.in ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ ਅਤੇ ਕਮਰਾ ਨੰਬਰ 106, ਪਹਿਲੀ ਮੰਜ਼ਿਲ, ਡੀ.ਏ.ਸੀ. ਕੰਪਲੈਕਸ, ਦਫ਼ਤਰ ਡਿਪਟੀ ਕਮਿਸ਼ਨਰ, ਜਲੰਧਰ ਵਿੱਚ ਆਪਣੀ ਅਰਜ਼ੀ ਜਮ੍ਹਾ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਲੋਕ ਇਸ ਸਬੰਧੀ ਕਿਸੇ ਵੀ ਜਾਣਕਾਰੀ ਲਈ ਕੋਵਿਡ ਕੰਟਰੋਲ ਰੂਮ ਦੇ ਨੰਬਰ 0181-2224417 ‘ਤੇ ਫੋਨ ਕਰ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ, ਸਿਵਲ ਸਰਜਨ ਡਾ. ਰਣਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਅਤੇ ਹੋਰ ਮੌਜੂਦ ਸਨ।