ਸਾਰੇ ਮਾਮਲੇ ਦੀ ਨਿਆਂਇਕ ਜਾਂਚ ਹੋਵੇ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 4 ਫਰਵਰੀ 2024
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਾਨਾ ਜ਼ਿਲ੍ਹੇ ਦੇ ਬੋਹਾ ਪੁਲਿਸ ਥਾਣੇ ਅਧੀਨ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪੁਲਿਸ ਦੀ ਛਾਪੇਮਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਬੇਖੌਫ ਹੋ ਕੇ ਬੇਅਦਬੀ ਮਗਰੋਂ ਬੇਅਦਬੀ ਕਰਨ ’ਤੇ ਲੱਗੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸ਼ਰਾਬ ਨਾਲ ਰੱਜੇ ਪੁਲਿਸ ਮੁਲਾਜ਼ਮ ਵਰਦੀਆਂ ਪਾ ਕੇ ਤੇ ਹਥਿਆਰਾਂ ਨਾਲ ਲੈਸ ਹੋ ਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਏ ਹਨ। ਉਹਨਾਂ ਕਿਹਾ ਕਿ ਹੋਰ ਵੀ ਹੈਰਾਨੀ ਵਾਲੀ ਗੱਲ ਇਹ ਹੈ ਕਿ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣ ਮਗਰੋਂ ਪੁਲਿਸ ਮੁਲਾਜ਼ਮਾਂ ਨੇ ’ਸੇਵਾਦਾਰਾਂ’ ਨੂੰ ਗੰਦੀਆਂ ਗਾਲ੍ਹਾਂ ਕੱਢਣੀਆਂ ਤੇ ਕੁੱਟਣਾ ਸ਼ੁਰੂ ਕਰ ਦਿੱਤਾ। ਉਹਨਾਂ ਕਿਹਾ ਕਿ ਇਕ 14 ਸਾਲਾਂ ਦੇ ਨਾਬਾਲਗ ਨੂੰ ਵੀ ਨਹੀਂ ਬਖਸ਼ਿਆ ਗਿਆ ਤੇ ਉਸਨੂੰ ਸੱਟਾਂ ਵੱਜੀਆਂ ਹਨ।
ਡਾ. ਚੀਮਾ ਨੇ ਕਿਹਾ ਕਿ ਲੋਕ ਹਾਲੇ ਤੱਕ ਕੁਝ ਹਫਤੇ ਪਹਿਲਾਂ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਪੁਲਿਸ ਹਮਲੇ ਤੇ ਫਾਇਰਿੰਗ ਨੂੰ ਭੁੱਲੇ ਨਹੀਂ ਹਨ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਵੀ ਇਸ ਬੇਅਦਬੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ ਜਿਹਨਾਂ ਦੀ ਲੀਡਰਸ਼ਿਪ ਵਾਲੀ ਆਪ ਸਰਕਾਰ ਦੇ ਰਾਜ ਵਿਚ ਅਜਿਹੀ ਘਿਨੌਣੀ ਹਰਕਤ ਵਾਪਰੀ ਹੈ।
ਡਾ. ਚੀਮਾ ਨੇ ਕਿਹਾ ਕਿ ਇਸ ਬੇਅਦਬੀ ਦੀ ਕਾਰਵਾਈ ਦੀ ਉਚ ਪੱਧਰੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ ਤੇ ਸਾਰੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਗੁਰਦੁਆਰਾ ਸਾਹਿਬਾਨ ਵਿਚ ਪੁਲਿਸ ਦੇ ਧੱਕੇ ਨਾਲ ਦਾਖਲੇ ਦੀ ਦੂਜੀ ਘਟਨਾ ਦੀ ਜ਼ਿੰਮੇਵਾਰੀ ਲੈਣ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ।