![ਭੂਸ਼ਣ ਆਸ਼ੂ, ਭੂਸ਼ਣ ਆਸ਼ੂ,](https://newsmakhani.com/wp-content/uploads/2021/10/Untitled-design-2021-10-11T124248.375.jpg)
ਲੁਧਿਆਣਾ, 3 ਅਕਤੂਬਰ 2021
ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਨੂੰ ਮਨਾਉੱਦਿਆਂ ਅੱਜ ਲੁਧਿਆਣਾ ਵਿਖੇ ਹਜ਼ਾਰਾਂ ਲੋਕਾਂ ਨੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ, ਮੇਅਰ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਅਤੇ ਨਗਰ ਨਿਗਮ ਦੇ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦਾ ਜਸ਼ਨ ਮਨਾਇਆ।
ਇਹ ਸਮਾਗਮ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ੋਤੇ ਆਯੋਜਿਤ ਕੀਤਾ ਗਿਆ ਸੀ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਸ ਜਨ ਅੰਦੋਲਨ ਦਾ ਉਦੇਸ਼ ਸਾਡੇ ਦੇਸ਼ ਦੀ ਆਜ਼ਾਦੀ ਦੇ 75 ਵੇਂ ਸਾਲ ਦਾ ਜਸ਼ਨ ਮਨਾਉਣਾ ਅਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ ਜਿਨ੍ਹਾਂ ਨੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰੀਆਂ।
ਉਨ੍ਹਾਂ ਕਿਹਾ ਕਿ ਸਮਾਗਮ ਦਾ ਮੁੱਖ ਉਦੇਸ਼ ਇਹ ਸੁਨਿਸ਼ਚਿਤ ਕਰਨਾ ਹੈ ਕਿ ਲੋਕਾਂ ਨੂੰ ਸੁਤੰਤਰਤਾ ਅੰਦੋਲਨ ਦੇ ਗੌਰਵਮਈ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਸਕੇ। ਉਨ੍ਹਾਂ ਕਿਹਾ ਕਿ ਸਾਡੇ ਵਿੱਚੋਂ ਹਰ ਇੱਕ ਖਾਸ ਕਰਕੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਸ਼ਹੀਦਾਂ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਕਾਇਮ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਨਗਰ ਨਿਗਮ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਸ਼ਹੀਦਾਂ ਦਾ ਜੀਵਨ ਅਤੇ ਕੁਰਬਾਨੀ ਇੱਕ ਚਾਨਣ ਮੁਨਾਰੇ ਵਜੋਂ ਕੰਮ ਕਰਦੀ ਹੈ ਅਤੇ ਹਮੇਸ਼ਾ ਸਮਾਜ, ਰਾਜ ਅਤੇ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ।
ਉਨ੍ਹਾਂ ਨੇ ਇਸ ਨੇਕ ਕਾਰਜ ਵਿੱਚ ਸਹਿਯੋਗ ਦੇਣ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਲੁਧਿਆਣਾ ਦੇ ਲੋਕਾਂ ਦਾ ਸਰਗਰਮ ਸਹਿਯੋਗ ਲੁਧਿਆਣਾ ਨੂੰ ਇੱਕ ਸਾਫ਼, ਹਰਾ ਅਤੇ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਵੇਗਾ।
ਇਸ ਦੌਰਾਨ ਨਗਰ ਨਿਗਮ ਦਫਤਰ ਜ਼ੋਨ ਡੀ, ਸਰਾਭਾ ਨਗਰ ਦੇ ਪਿੱਛੇ ਵਾਟਰ ਫਰੰਟ ਫੇਜ਼ 2 ਤੋਂ 10.2 ਕਿਲੋਮੀਟਰ ਦੇ ਸਾਈਕਲੋਥਨ ਨੂੰ ਹਰੀ ਝੰਡੀ ਦਿਖਾਈ ਗਈ, ਜਿਸ ਵਿੱਚ ਵੱਖ-ਵੱਖ ਸਾਈਕਲਿੰਗ ਕਲੱਬਾਂ ਦੇ ਸੈਂਕੜੇ ਸਾਈਕਲ ਪ੍ਰੇਮੀਆਂ ਨੇ ਹਿੱਸਾ ਲਿਆ। ਵਾਟਰ ਫਰੰਟ 2 ਤੋਂ ਸਾਈਕਲਿੰਗ ਈਵੈਂਟ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਤੋਂ ਬਾਅਦ 2 ਕਿਲੋਮੀਟਰ ਦੀ ਇੱਕ ਵਾਕਾਥਨ, ਪਤਵੰਤਿਆਂ ਅਤੇ ਵਸਨੀਕਾਂ ਨੇ ਇਸ ਵਿੱਚ ਹਿੱਸਾ ਲਿਆ।