ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਵਿੱਢੀ ਕਲਮ ਛੋੜ ਹੜ੍ਹਤਾਲ ਦਾ ਅੱਜ ਦੂਜਾ ਦਿਨ

ਲੁਧਿਆਣਾ, 11 ਅਕਤੂਬਰ 2022
– ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵੱਲੋਂ ਪੰਜਾਬ ਭਰ ਵਿੱਚ ਬੀਤੇ ਕੱਲ੍ਹ 10 ਅਕਤੂਬਰ ਤੋਂ 15 ਅਕਤੂਬਰ, 2022 ਤੱਕ ਦਿੱਤੇ ਗਏ ਕਲਮ ਛੋੜ / ਕੰਪਿਊਟਰ ਬੰਦ ਅਤੇ ਮੁਕੰਮਲ ਹੜਤਾਲ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਲਗਾਤਾਰ ਦੂਜੇ ਦਿਨ ਵੀ ਜ਼ਿਲ੍ਹਾ ਲੁਧਿਆਣਾ ਸਥਿਤ ਵੱਖ-ਵੱਖ ਵਿਭਾਗਾਂ ਦੇ ਦਫਤਰੀ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਭਾਰਗਵ, ਜਨਰਲ ਸਕੱਤਰ ਸ਼੍ਰੀ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸ਼੍ਰੀ ਸੁਨੀਲ ਕੁਮਾਰ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਦੇ ਹੋਏ ਜ਼ਿਲ੍ਹਾ ਖਜ਼ਾਨਾ ਦਫਤਰ ਲੁਧਿਆਣਾ ਵਿਖੇ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕਰਦੇ ਹੋਏ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ।
ਇਸ  ਦੌਰਾਨ ਸ਼੍ਰੀ ਸੰਜੀਵ ਕੁਮਾਰ ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਸੂਬਾ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਹੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬੁਰੀ ਤਰ੍ਹਾਂ ਨਿਰਾਸ਼ ਹੈ । ਉਨ੍ਹਾਂ ਦੱਸਿਆ ਕਿ ਮੁਲਾਜ਼ਮ ਆਪਣੀਆਂ ਅਖਲਾਕੀ ਮੰਗਾਂ, ਜਿਸ ਵਿਚ ਪੇਅ ਕਮਿਸ਼ਨ ਨੂੰ ਸਹੀ ਢੰਗ ਨਾਲ ਲਾਗੂ ਕਰਨਾ, ਡੀ.ਏ. ਦੀਆਂ ਬਕਾਇਆ ਕਿਸ਼ਤਾਂ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ ਅਤੇ ਮੁਲਾਜਮਾਂ ਦੀ ਸਭ ਤੋਂ ਵੱਡੀ ਮੰਗ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨਾ ਆਦਿ ਨੂੰ ਜਲਦ ਬਹਾਲ ਕਰਨ ਲਈ 5 ਦਿਨ ਦੀ ਹੜਤਾਲ ਤੇ ਚੱਲ ਰਹੇ ਹਨ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਲਾਜਮਾਂ ਪੱਖੀ ਕੋਈ ਐਲਾਨ ਨਹੀਂ ਕੀਤਾ ਜਾ ਰਿਹਾ ਅਤੇ ਭਰਮਾਉਣ ਵਾਲੀਆਂ ਗੱਲਾਂ ਕਰਕੇ ਆਮ ਲੋਕਾਂ ਵਿੱਚ ਭਰਮ ਭੁਲੇਖਾ ਪੈਦਾ ਕੀਤਾ ਜਾ ਰਿਹਾ ਹੈ ਅਤੇ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਮੁਲਾਜ਼ਮ ਵਿਰੋਧੀ ਸਾਬਿਤ ਹੋ ਰਹੀ ਹੈ।
ਸ਼੍ਰੀ ਅਮਿਤ ਅਰੋੜਾ ਸੂਬਾ ਪ੍ਰਧਾਨ PWD ਅਤੇ ਸੂਬਾ ਵਧੀਕ ਜਨਰਲ ਸਕੱਤਰ ਪੀ.ਐੱਸ.ਐੱਮ.ਐੱਸ.ਯੂ. ਪੰਜਾਬ ਨੇ ਦੱਸਿਆ ਕਿ ਇਹ ਸਰਕਾਰ ਬਣਨ ਤੋਂ ਪਹਿਲਾਂ ਮੁਲਾਜ਼ਮ ਵਰਗ ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਬਹੁਤ ਜ਼ਿਆਦਾ ਉਤਸ਼ਾਹ ਸੀ ਪਰ ਹੁਣ ਮੁਲਾਜ਼ਮ ਵਰਗ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ । ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਮੁਲਾਜ਼ਮ ਕਿਸੇ ਵੀ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀ ਕਿਸੇ ਵੀ ਨੀਤੀ ਨੂੰ ਆਮ ਜਨਤਾ ਤੱਕ ਪਹੁੰਚਾਉਣ ਦਾ ਕੰਮ ਮੁਲਾਜ਼ਮ ਹੀ ਕਰਦੇ ਹਨ । ਇਸ ਲਈ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨਾ ਚਾਹੀਦਾ ਹੈ।
ਸੀ.ਪੀ.ਐੱਫ. ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਦੀਪ ਭੰਬੁਕ ਅਤੇ ਪੀ.ਐਸ.ਐਮ.ਐਸ.ਯੂ. ਜਿਲਾਂ ਵਿੱਤ ਸਕੱਤਰ ਸ਼੍ਰੀ ਸੁਨੀਲ ਕੁਮਾਰ ਨੇ ਕਿਹਾ ਕਿ 01.01.2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਸਰਕਾਰ ਉਹਨਾਂ ਦੇ ਪੈਨਸ਼ਨ ਦੇ ਬੁਨਿਆਦੀ ਹੱਕ ਤੋਂ ਵਾਂਝਾ ਰੱਖ ਰਹੀ ਹੈ ।  ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣ ਝੂਠੇ ਦਾਅਵੇ ਕਰ ਰਹੀ ਹੈ ਕਿ ਅਸੀਂ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਹੈ ਪਰ ਅਸਲੀਅਤ ਵਿੱਚ ਸਰਕਾਰ ਵੱਲੋਂ ਵਾਅਦੇ ਅਨੁਸਾਰ, ਵਿਧਾਨ ਸਭਾ ਵਿੱਚ ਰੱਖੇ ਗਏ ਪਹਿਲੇ ਬਜਟ ਇਜਲਾਸ ਵਿੱਚ ਪੁਰਾਣੀ ਪੈਨਸ਼ਨ ਯੋਜਨਾ ਉੱਤੇ ਬਹਿਸ ਕੀਤੀ ਜਾਣੀ ਵੀ ਜ਼ਰੂਰੀ ਨਹੀਂ ਸਮਝੀ ਗਈ । ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾਂਦੇ ਇਸ ਝੂਠੇ ਪ੍ਰਚਾਰ ਦਾ ਸਮੁੱਚੇ ਮੁਲਾਜ਼ਮ ਵਰਗ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਅਯੁੱਧਿਆ ਪ੍ਰਸਾਦ ਮੌਰਿਆ, ਲਖਵੀਰ ਸਿੰਘ ਗਰੇਵਾਲ, ਤਜਿੰਦਰ ਸਿੰਘ ਢਿੱਲੋਂ, ਰਾਕੇਸ਼ ਕੁਮਾਰ, ਮੁਨੀਸ਼ ਵਰਮਾ, ਗੁਰਦਾਸ ਸਿੰਘ, ਧਰਮ ਸਿੰਘ, ਆਕਾਸ਼ਦੀਪ ਸਿੰਘ, ਜਗਦੇਵ ਸਿੰਘ, ਹਰਵਿੰਦਰ ਸਿੰਘ, ਗੁਰਚਰਨ ਸਿੰਘ, ਚੰਦਨ, ਰਾਣਾ ਚੰਡੀਗੜ੍ਹੀਆ, ਸਤਿੰਦਰਪਾਲ ਸਿੰਘ, ਤਲਵਿੰਦਰ ਸਿੰਘ ਆਦਿ ਨੇ ਵੀ ਇਕੱਠ ਨੂੰ ਸੰਬੋਧਤ ਕੀਤਾ।

Spread the love