ਜ਼ਿਲ੍ਹੇ ’ਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ 15,000 ਤੋਂ ਵੱਧ ਕਰਮਚਾਰੀ ਤਾਇਨਾਤ: ਡਿਪਟੀ ਕਮਿਸ਼ਨਰ
1385 ਮਾਈਕਰੋ ਅਬਜ਼ਰਵਰਾਂ ਦੀ ਵੀ ਕੀਤੀ ਤਾਇਨਾਤੀ
ਜਲੰਧਰ, 2 ਫਰਵਰੀ 2022
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਚੋਣ ਅਮਲੇ ਦੀ ਤਾਇਨਾਤੀ ਲਈ ਦੂਜੀ ਰੈਂਡਮਾਈਜੇਸ਼ਨ ਕੀਤੀ ਗਈ।
ਹੋਰ ਪੜ੍ਹੋ :-ਸਿੱਖਿਆ ਵਿਭਾਗ ਵੱਲੋਂ ‘100 ਦਿਨਾਂ ਪੜ੍ਹਨ ਮੁਹਿੰਮ’ ਦੇ ਪੰਜਵੇਂ ਹਫ਼ਤੇ ਦੀ ਹੋਈ ਸ਼ੁਰੂਆਤ
ਚੋਣ ਅਬਜ਼ਰਵਰ ਮਨੋਜ ਕੁਮਾਰ, ਡਾ. ਸਰੋਜ ਕੁਮਾਰ, ਭੁਪਿੰਦਰਾ ਐਸ. ਚੌਧਰੀ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਮੌਜੂਦਗੀ ਵਿੱਚ ਰੈਂਡਮਾਈਜੇਸ਼ਨ ਕੀਤੀ ਗਈ। ਕੇਂਦਰ ਅਤੇ ਰਾਜ ਸਰਕਾਰ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਦੇ 12097 ਤੋਂ ਵੱਧ ਕਰਮਚਾਰੀਆਂ ਦੀ ਤਾਇਨਾਤੀ ਲਈ ਇਹ ਰੈਂਡਮਾਈਜ਼ੇਸ਼ਨ ਕੀਤੀ ਗਈ, ਜਿਨ੍ਹਾਂ ਨੂੰ ਚੋਣਾਂ ਦੌਰਾਨ ਕਈ ਡਿਊਟੀਆਂ ਸੌਂਪੀਆਂ ਗਈਆਂ ਹਨ। ਚੋਣਾਂ ਵਿੱਚ ਲੋੜ ਅਨੁਸਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਮਾਈਕਰੋ-ਆਬਜ਼ਰਵਰਾਂ ਦੇ ਤੌਰ ’ਤੇ ਲੈਣ ਤੋਂ ਇਲਾਵਾ ਕਾਊਂਟਿੰਗ, ਪੋਲਿੰਗ ਅਤੇ ਸਹਾਇਕ ਸਟਾਫ਼ ਵਜੋਂ ਡਿਊਟੀਆਂ ਲਗਾਈਆਂ ਗਈਆਂ ਹਨ।
ਰੈਂਡਮਾਈਜ਼ੇਸ਼ਨ ਦਾ ਉਦੇਸ਼ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਸਟਾਫ਼ ਨੂੰ ਡਿਊਟੀਆਂ ਸੌਂਪਣਾ ਸੀ। ਜ਼ਿਲ੍ਹੇ ਦੇ 1975 ਬੂਥਾਂ ‘ਤੇ 1975 ਪੋਲਿੰਗ ਪਾਰਟੀਆਂ ਦੀ ਤਾਇਨਾਤੀ ਲਈ ਰੈਂਡਮਾਈਜ਼ੇਸ਼ਨ ਕੀਤੀ ਗਈ। ਚੋਣਾਂ ਦੌਰਾਨ ਕੁੱਲ 10712 ਮੁਲਾਜ਼ਮਾਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ.), ਪੋਲਿੰਗ ਅਫ਼ਸਰ (ਪੀ.ਓ.) ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ 10 ਮਾਰਚ ਨੂੰ ਹੋਣ ਵਾਲੀ ਗਿਣਤੀ ਲਈ ਵੀ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਜਾਵੇਗਾ। ਜ਼ਿਲ੍ਹੇ ਦੇ ਸਮੁੱਚੇ 1975 ਪੋਲਿੰਗ ਸਟੇਸ਼ਨਾਂ ਲਈ ਸਟਾਫ਼ ਵਿੱਚ 2678 ਪੀ.ਆਰ.ਓ. ਅਤੇ 8034 ਪੀ.ਓ. ਸ਼ਾਮਲ ਸਨ।
ਇਸ ਦੌਰਾਨ ਜ਼ਿਲ੍ਹੇ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਵਿੱਚ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਲਈ ਪਹਿਲੀ ਰੈਂਡਮਾਈਜ਼ੇਸ਼ਨ ਵੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਪੋਲਿੰਗ ਵਾਲੇ ਦਿਨ ਕੁੱਲ 1385 ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਜਾਣਗੇ, ਜੋ ਕਿ ਸ਼ਾਂਤਮਈ ਵੋਟਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਪੋਲ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਕੁੱਲ 16.51 ਲੱਖ ਦੇ ਕਰੀਬ ਵੋਟਰ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੋਲਿੰਗ ਸਟਾਫ਼ ਅਤੇ ਰਿਟਰਨਿੰਗ ਅਫ਼ਸਰ ਦੇ ਸਹਾਇਕ ਸਟਾਫ਼ ਸਮੇਤ 15000 ਦੇ ਕਰੀਬ ਮੁਲਾਜ਼ਮ ਚੋਣ ਡਿਊਟੀਆਂ ‘ਤੇ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਸਹਾਇਕ ਕਮਿਸ਼ਨਰ (ਯੂ.ਟੀ.) ਓਜਸਵੀ ਅਲੰਕਾਰ, ਜ਼ਿਲ੍ਹਾ ਸੂਚਨਾ ਅਫ਼ਸਰ ਰਣਜੀਤ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਆਦਿ ਵੀ ਮੌਜੂਦ ਸਨ।