ਜ਼ਿਲ੍ਹਾ ਐਸ.ਏ.ਐਸ ਨਗਰ ਵਿਚ ਦਫ਼ਾ 144 ਲਾਗੂ

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ
 ਐਸ.ਏ.ਐਸ ਨਗਰ 31 ਦਸੰਬਰ :-
ਸ੍ਰੀ ਅਮਿਤ ਤਲਵਾੜ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਸੰਘਤਾ 1973 (ਐਕਟ ਨੰਬਰ 2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਕਈ ਵਾਰ ਰਾਜਨੀਤਿਕ ਜਥੇਬੰਦੀਆਂ,ਯੂਨੀਅਨਾਂ ਆਦਿ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੀ ਜਾਨ ਮਾਲ ਅਤੇ ਪਬਲਿਕ ਪ੍ਰਾਪਟਰੀ ਨੂੰ ਵੀ ਨੁਕਸਾਨ ਹੋ ਸਕਦਾ ਹੈ । ਇਸ ਲਈ ਜਿਲ੍ਹੇ ਵਿੱਚ ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ,ਕਿਸੇ ਕਿਸਮ ਦੇ ਵਿਖਾਵੇ, ਨਾਹਰੇ ਲਾਉਣ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ,ਕਰਮਚਾਰੀਆਂ,ਵਿਆਹ ਸ਼ਾਦੀਆ,ਧਾਰਮਿਕ ਰਸਮਾਂ,ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 30-12-2022 ਤੋਂ 27-02-2023 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ।