ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਅਚਨਚੇਤ ਦੌਰਾ

ਰੂਪਨਗਰ, 31 ਜਨਵਰੀ 2024
ਜੇਲ੍ਹ ਪ੍ਰਸਾਸ਼ਨ ਵੱਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆਂ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਹੋਰ ਜੇਲ੍ਹ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ  ਵੱਲੋਂ ਅੱਜ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਮੋਹਿਤ ਬਾਂਸਲ ਅਤੇ ਸੀ ਜੇ ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਵੀ ਹਾਜ਼ਰ ਸਨ।
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਨੇ ਇਸ ਅਚਨਚੇਤ ਦੌਰੇ ਦੌਰਾਨ ਪੂਰੀ ਜੇਲ੍ਹ ਦਾ ਮੁਆਇਨਾ ਕੀਤਾ ਅਤੇ ਜੇਲ੍ਹ ਪ੍ਰਸਾਸ਼ਨ ਨੂੰ ਜਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਬੈਰਕਾਂ ਦਾ ਦੌਰਾ ਕਰਕੇ ਬੰਦੀਆਂ ਦਾ ਹਾਲ ਚਾਲ ਪੁੱਛਿਆ ਅਤੇ ਨਾਲ ਹੀ ਜਨਾਨਾ ਵਾਰਡ ਵਿੱਚ ਜਾ ਕੇ ਜੇਲ੍ਹ ਵਿੱਚ ਬੰਦ ਔਰਤਾਂ ਦੀਆਂ ਮੁਸ਼ਕਲਾ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ ਤੇ ਹੀ ਹੱਲ ਕਰਨ ਲਈ ਜੇਲ੍ਹ ਪ੍ਰਸਾਸ਼ਨ ਨੂੰ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਉਨ੍ਹਾਂ ਨੇ ਖਾਸ ਤੌਰ ਤੇ ਜੇਲ੍ਹ ਵਿੱਚ ਬਣੇ ਹਸਪਤਾਲ ਦਾ ਨਿਰੀਖਣ ਕੀਤਾ ਅਤੇ ਡਾਕਟਰ ਸਾਹਿਬ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਜੇਲ੍ਹ ਵਿੱਚ ਬਣੇ ਲੀਗਲ ਏਡ ਕਲੀਨਿਕ, ਜਿਸ ਦੁਆਰਾ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ, ਦੇ ਰਿਕਾਰਡ ਦੀ ਪੜਤਾਲ ਵੀ ਕੀਤੀ ਅਤੇ ਜਰੂਰੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਕੋਈ ਵੀ ਲੋੜਵੰਦ ਬੰਦੀ ਕਾਨੂੰਨੀ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਬਣ ਰਹੇ ਭੋਜਨ ਦਾ ਮੁਆਇਨਾ ਵੀ ਕੀਤਾ।
ਇਸ ਦੌਰੇ ਸੰਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਦੱਸਿਆ ਕਿ ਬੰਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਦੀਆਂ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਅਤੇ ਜੇਲ੍ਹ ਪ੍ਰਬੰਧਾਂ ਨੂੰ ਨਿਯਮਾ ਮੁਤਾਬਿਕ ਚੁਸਤ ਦਰੁੱਸਤ ਰੱਖਣ ਲਈ ਅਜਿਹੇ ਦੌਰੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।
ਇਸ ਮੌਕੇ ਤੇ ਜੇਲ੍ਹ ਸੁਪਰਡੈਂਟ ਗੁਰਨਾਮ ਲਾਲ ਅਤੇ ਡਿਪਟੀ ਸੁਪਰਡੰਟ ਜੇਲ੍ਹ ਅਨਮੋਲਜੀਤ ਵੀ ਹਾਜਰ ਸਨ।
Spread the love