ਕਿਹਾ ਵਿਦਿਆਰਥੀਆਂ ਨੂੰ 15.81 ਲੱਖ ਕਿਤਾਬਾਂ ਤੇ 1.04 ਲੱਖ ਵਰਦੀਆਂ ਮੁਫ਼ਤ ਮੁਹੱਈਆ ਕਰਵਾਈਆਂ
ਜਲੰਧਰ, 14 ਨਵੰਬਰ :-
ਜ਼ਿਲ੍ਹੇ ਵਿੱਚ ਆਂਗਣਵਾੜੀ ਕੇਂਦਰਾਂ ਦੀ ਸਹੂਲਤ ਵਿੱਚ ਹੋਰ ਵਾਧਾ ਕਰਨ ਲਈ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਅਧਿਕਾਰੀਆਂ ਨੂੰ ਹਰੇਕ ਵਿਕਾਸ ਬਲਾਕ ਵਿੱਚ ਪੰਜ ਨਵੇਂ ਆਂਗਣਵਾੜੀ ਕੇਂਦਰ ਸਥਾਪਤ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੀ ਉਸਾਰੀ ਲਈ ਫੰਡ ਮਗਨਰੇਗਾ ਸਕੀਮ ਵਿੱਚੋਂ ਖਰਚ ਕੀਤੇ ਜਾਣਗੇ। ਉਨ੍ਹਾਂ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਨਵੀਆਂ ਇਮਾਰਤਾਂ ਬਣਾਉਣ ਲਈ ਥਾਵਾਂ ਦੀ ਸ਼ਨਾਖਤ ਕਰਨ ਲਈ ਕਿਹਾ ਤਾਂ ਜੋ ਮੌਜੂਦਾ ਆਂਗਣਵਾੜੀ ਕੇਂਦਰ, ਜਿਨ੍ਹਾਂ ਪਾਸ ਆਪਣੀਆਂ ਇਮਾਰਤਾਂ ਨਹੀਂ ਹਨ, ਨੂੰ ਉਥੇ ਸ਼ਿਫਟ ਕੀਤਾ ਜਾ ਸਕੇ।
ਸਿੱਖਿਆ ਵਿਭਾਗ ਨਾਲ ਸਬੰਧਤ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ 15,81,018 ਕਿਤਾਬਾਂ ਮੁਫ਼ਤ ਵੰਡਣ ਤੋਂ ਇਲਾਵਾ 1,04,066 ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕੀਤੀਆਂ ਜਾ ਚੁੱਕੀਆਂ ਹਨ।ਉਨ੍ਹਾਂ ਅੱਗੇ ਦੱਸਿਆ ਕਿ ਸਮਾਰਟ ਸਕੂਲ ਪ੍ਰਾਜੈਕਟ ਦੇ ਪਹਿਲੇ ਪੜਾਅ ਅਧੀਨ ਲਗਭਗ 921 ਪ੍ਰਾਇਮਰੀ ਅਤੇ 418 ਸੈਮੀ-ਪ੍ਰਾਇਮਰੀ ਸਕੂਲਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ ਅਤੇ ਇਸ ਪ੍ਰਾਜੈਕਟ ਦੇ ਦੂਜੇ ਪੜਾਅ ਦੀਆਂ ਵਿਵਸਥਾਵਾਂ ਵੀ ਇਨ੍ਹਾਂ ਸਕੂਲਾਂ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ 1.60 ਕਰੋੜ ਰੁਪਏ ਦੀ ਲਾਗਤ ਨਾਲ 10 ਨਵੇਂ ਸਕੂਲ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸੱਤ ਕਾਮਰਸ ਸਟ੍ਰੀਮ ਅਤੇ ਤਿੰਨ ਸਾਇੰਸ ਸਟ੍ਰੀਮ ਨਾਲ ਸਬੰਧਤ ਹਨ। ਇਸੇ ਤਰ੍ਹਾਂ 746 ਦਿਵਿਆਂਗ ਬੱਚਿਆਂ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 235 ਬੱਚਿਆਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ‘ਤੇ ਵਲੰਟੀਅਰਾਂ ਰਾਹੀਂ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਵੀ ਸਿੱਖਿਆ ਦੇ ਲਾਭ ਤੋਂ ਵਾਂਝਾ ਨਾ ਰਹੇ।
ਹੋਰ ਪੜ੍ਹੋ :- ਅੰਗਰੇਜ਼ੀ ਕਵਿਤਾ ਪਾਠ ‘ ਦੇ ਬਲਾਕ ਪੱਧਰੀ ਮੁਕਾਬਲੇ ਸੰਪੰਨ
——————