ਬੇਅਦਬੀ ਤੇ ਗੋਲੀਕਾਂਡ ਮਾਮਲਾ
ਬਿਆਨਬਾਜੀ ਛੱਡ ਕੇ ਸਖ਼ਤ ਫ਼ੈਸਲਾ ਲੈਣ ਕਾਂਗਰਸੀ ਆਗੂ : ਕੁਲਤਾਰ ਸਿੰਘ ਸੰਧਵਾਂ
ਚੰਡੀਗੜ, 9 ਮਈ , 2021
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਦੋ ਸਿੱਖਾਂ ਦੇ ਕਤਲ ਦੇ ਮਾਮਲੇ ‘ਚ ਪੰਜਾਬ ਦੇ ਕਾਂਗਰਸੀ ਆਗੂ ਕੇਵਲ ਬਿਆਨਬਾਜੀ ਕਰਕੇ ਪੰਜਾਬ ਦੇ ਲੋਕਾਂ ਅਤੇ ਨਾਨਕ ਨਾਮ ਲੇਵਾ ਸੰਗਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨਾਂ ਕਾਂਗਰਸੀ ਆਗੂਆਂ ਨੂੰ ਅਪੀਲ ਕੀਤੀ ਕਿ ਜੇ ਬੇਅਦਬੀ ਮਾਮਲੇ ‘ਚ ਇਨਸਾਫ਼ ਦੇਣਾ ਚਾਹੁੰਦੇ ਨੇ ਤਾਂ ਬਿਆਨਬਾਜੀ ਛੱਡ ਕੇ ਸਖ਼ਤ ਫੈਸਲਾ ਲੈਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਜਾ ਕੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਦਿੱਤਾ ਸਮਰਥਨ ਵਾਪਸ ਲੈਣ।
ਐਤਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਰਾਜ ਦੌਰਾਨ ਬਰਗਾੜੀ ਵਿਖੇ ਇੱਕ ਸਾਜਿਸ਼ ਦੇ ਤਹਿਤ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ। ਇਸ ਬੇਅਦਬੀ ਦੇ ਖ਼ਿਲਾਫ਼ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੁਲੀਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿੱਚ ਦੋ ਸਿੱਖ ਨੌਜਵਾਨ ਮਾਰੇ ਗਏ ਸਨ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ‘ਚ ਪੰਜਾਬ ਵਿਧਾਨ ਸਭਾ ਦੀਆਂ ਚੋਣਾ ਦੌਰਾਨ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਜੇ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣੀ ਤਾਂ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਸਾਜਿਸ਼ ਕਰਤਾ ਅਤੇ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਜ਼ਾ ਜ਼ਰੂਰ ਦਿੱਤੀ ਜਾਵੇਗੀ। ਉਨਾਂ ਦੋਸ਼ ਲਾਇਆ ਕਿ ਪੰਜਾਬ ‘ਚ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਚਾਰ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ, ਪਰ ਇੱਕ ਵੀ ਦੋਸ਼ੀ ਨੂੰ ਸਜ਼ਾ ਨਹੀਂ ਦਿੱਤੀ ਗਈ।
ਵਿਧਾਇਕ ਸੰਧਵਾਂ ਨੇ ਕਿਹਾ ਕਿ ਬੇਅਦਬੀ ਅਤੇ ਗੋਲੀ ਕਾਂਡ ਜਿਹੇ ਗੰਭੀਰ ਮਾਮਲਿਆਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਇਨਸਾਫ਼ ਨਾ ਦੇਣ ਦੇ ਵਿਰੁੱਧ ‘ਚ ਕੁੱਝ ਕਾਂਗਰਸੀ ਆਗੂ ਕੇਵਲ ਫੋਕੀ ਬਿਆਨਬਾਜੀ ਕਰਕੇ ਆਪੋ ਆਪਣੀ ਕੁਰਸੀ ਦੀ ਲੜਾਈ ਲੜ ਰਹੇ ਹਨ। ਇਨਾਂ ਨੂੰ ਕੇਵਲ ਆਪਣੀ ਕੁਰਸੀ ਪਿਆਰੀ ਹੈ, ਕਿਉਂਕਿ ਇਹ ਕਾਂਗਰਸੀ ਆਗੂ ਇੱਕ ਪਾਸੇ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਹਰ ਰੋਜ਼ ਲਾਹਨਤਾਂ ਪਾਉਂਦੇ ਹਨ, ਪਰ ਦੂਜੇ ਪਾਸੇ ਇਸੇ ਸਰਕਾਰ ਦਾ ਸਾਥ ਦੇ ਰਹੇ ਹਨ। ਸੰਧਵਾਂ ਨੇ ਕਿਹਾ ਕਿ ਜੇ ਇਨਾਂ ਕਾਂਗਰਸੀ ਆਗੂਆਂ ਨੂੰ ਗੁਰੂ ਦੀ ਬੇਪਤੀ ਤੇ ਸਿੱਖਾਂ ਦੇ ਕਤਲ ਦਾ ਜ਼ਰਾ ਵੀ ਅਫ਼ਸੋਸ ਹੈ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਅਸਤੀਫ਼ਾ ਦੇ ਕੇ ਗੁਰੂ ਦੇ ਪੱਖ ਵਿੱਚ ਖੜਨ।