ਡਿਪਟੀ ਕਮਿਸ਼ਨਰ ਨੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ
ਜਲੰਧਰ, 27 ਜਨਵਰੀ 2022
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ ਨਾਮਜ਼ਦਗੀਆਂ ਦੇ ਦੂਜੇ ਦਿਨ ਅੱਜ 6 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਾਹਕੋਟ ਅਤੇ ਜਲੰਧਰ ਉੱਤਰੀ ਵਿਧਾਨ ਸਭਾ ਹਲਕਿਆਂ ਤੋਂ ਤਿੰਨ-ਤਿੰਨ ਉਮੀਦਵਾਰਾਂ ਨੇ ਸਬੰਧਤ ਰਿਟਰਨਿੰਗ ਅਫ਼ਸਰਾਂ ਪਾਸ ਆਪਣੇ ਕਾਗਜ਼ ਦਾਖ਼ਲ ਕੀਤੇ ਹਨ।
ਹੋਰ ਪੜ੍ਹੋ :-ਕਾਂਗਰਸ ਨੇ ‘ਯੂਜ ਐਂਡ ਥਰੋਅ’ ਨੀਤੀ ਦੇ ਤਹਿਤ ਚੰਨੀ ਦਾ ਇਸਤੇਮਾਲ ਕੀਤਾ- ਰਾਘਵ ਚੱਢਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਚਿੱਤਰ ਸਿੰਘ ਨੇ ਕਾਗਜ਼ ਦਾਖ਼ਲ ਕੀਤੇ ਹਨ ਜਦੋਂਕਿ ਹਰਦੇਵ ਸਿੰਘ ਤੇ ਉਨ੍ਹਾਂ ਦੀ ਕਵਰਿੰਗ ਉਮੀਦਵਾਰ ਮਨਜਿੰਦਰ ਕੌਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ।
ਇਸੇ ਤਰ੍ਹਾਂ ਜਲੰਧਰ ਉੱਤਰੀ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਕ੍ਰਿਸ਼ਨ ਦੇਵ ਭੰਡਾਰੀ ਅਤੇ ਉਨ੍ਹਾਂ ਦੀ ਕਵਰਿੰਗ ਉਮੀਦਵਾਰ ਨੀਨਾ ਭੰਡਾਰੀ ਨੇ ਕਾਗਜ਼ ਦਾਖ਼ਲ ਕੀਤੇ ਹਨ। ਇਸ ਤੋਂ ਇਲਾਵਾ ਨੈਸ਼ਨਲਿਸਟ ਜਸਟਿਸ ਪਾਰਟੀ ਵੱਲੋਂ ਬਲਜਿੰਦਰ ਸੋਢੀ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।
ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਚੋਣਾਂ ਸਬੰਧੀ ਨੋਟੀਫਿਕੇਸ਼ਨ 25 ਜਨਵਰੀ ਨੂੰ ਜਾਰੀ ਕੀਤਾ ਗਿਆ ਸੀ ਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 1 ਫਰਵਰੀ ਹੈ ਅਤੇ 30 ਜਨਵਰੀ ਨੂੰ ਜਨਤਕ ਛੁੱਟੀ ਹੋਣ ਕਾਰਨ ਕੋਈ ਨਾਮਜ਼ਦਗੀ ਪੱਤਰ ਨਹੀਂ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 4 ਫਰਵਰੀ ਹੈ। ਉਨ੍ਹਾਂ ਸਮੂਹ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਉਮੀਦਵਾਰਾਂ ਨੂੰ ਪੂਰੀ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।