ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ, ਮਨੀਸ਼ ਤਿਵਾੜੀ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਕੀਤੀ
ਡੀ ਸੀ ਨੇ ਸੰਸਦ ਮੈਂਬਰਾਂ ਨੂੰ ਸਾਰੇ ਪ੍ਰੋਜੈਕਟਾਂ ਬਾਰੇ ਹਫਤਾਵਾਰੀ ਸਥਿਤੀ ਅਪਡੇਟ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਤੇਜ਼ ਕਰਨ ਦਾ ਭਰੋਸਾ ਦਿੱਤਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ, 2024
ਸੰਸਦ ਮੈਂਬਰਾਂ ਸ੍ਰੀਮਤੀ ਪ੍ਰਨੀਤ ਕੌਰ, ਸ਼੍ਰੀ ਮਨੀਸ਼ ਤਿਵਾੜੀ ਅਤੇ ਸ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨੂੰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਲੋਕਲ ਏਰੀਆ ਡਿਵੈਲਪਮੈਂਟ ਫੰਡਾਂ ਤਹਿਤ ਅਲਾਟ ਕੀਤੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।
ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਿੰਨਾਂ ਸੰਸਦ ਮੈਂਬਰਾਂ ਨੇ ਉਨ੍ਹਾਂ ਵੱਲੋਂ ਜ਼ਿਲ੍ਹੇ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸੰਸਦ ਮੈਂਬਰਾਂ ਨੇ ਕੰਮਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੂੰ ਅਪੀਲ ਕੀਤੀ ਕਿ ਉਹ ਕੰਮਾਂ ਦੀ ਨਿਯਮਤ ਤੌਰ ‘ਤੇ ਪ੍ਰਗਤੀ ਦੇਖਣ ਲਈ ਨੋਡਲ ਅਫ਼ਸਰ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਪਿਛਲੇ ਹਫ਼ਤੇ ਹੋਈ ਪ੍ਰਗਤੀ ਬਾਰੇ ਹਫ਼ਤਾਵਾਰੀ ਰਿਪੋਰਟ ਭੇਜਦੇ ਰਹਿਣ।
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਭਜੌਲੀ ਅਤੇ ਬਠਲਾਣਾ ਪਿੰਡਾਂ ਦੇ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਗ੍ਰਾਂਟਾਂ ਦੀ ਸਮਾਂਬੱਧ ਵਰਤੋਂ ਕੀਤੀ ਜਾਵੇ ਤਾਂ ਜੋ ਕੰਮ ਮੁਕੰਮਲ ਕਰਨ ਲਈ ਅਗਲੀ ਕਿਸ਼ਤ ਜਾਰੀ ਕੀਤੀ ਜਾ ਸਕੇ। ਉਨ੍ਹਾਂ ਖਰੜ ਅਤੇ ਕੁਰਾਲੀ ਦੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਸਥਿਤੀ ਬਾਰੇ ਵੀ ਪੁੱਛਿਆ। ਉਨ੍ਹਾਂ ਨੇ ਜ਼ੀਰਕਪੁਰ ਤੋਂ ਕੁਰਾਲੀ ਤੱਕ ਵਧਦੇ ਸ਼ਹਿਰੀਕਰਨ ਦੇ ਮੱਦੇਨਜ਼ਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਭਵਿੱਖੀ ਯੋਜਨਾਬੰਦੀ ਦੀ ਲੋੜ ‘ਤੇ ਜ਼ੋਰ ਦਿੱਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜ਼ੀਰਕਪੁਰ ਵਿੱਚ ਸਨੋਲੀ ਅਤੇ ਬਾਂਕਰਪੁਰ ਵਿਖੇ ਪਾਏ ਜਾਣ ਵਾਲੇ ਸੀਵਰੇਜ ਦੇ ਦੋ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਟਿਵਾਣਾ, ਅਮਲਾਲਾ, ਖੇੜੀ ਗੁੱਜਰਾਂ ਅਤੇ ਬਿਜਨਪੁਰ ਲਈ ਦਿੱਤੀਆਂ ਗਰਾਂਟਾਂ ਦੀ ਸਥਿਤੀ ਬਾਰੇ ਪੁੱਛਦਿਆਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਦੀ ਸਹੂਲਤ ਲਈ ਕੰਮ ਸਮੇਂ ਸਿਰ ਸ਼ੁਰੂ ਕਰਕੇ ਮੁਕੰਮਲ ਕੀਤੇ ਜਾਣ। ਉਸਨੇ ‘ਹਾਈ ਰਾਈਜ਼ ਟਾਵਰਾਂ’ ਵਿੱਚ ਰਹਿੰਦੇ ਵਸਨੀਕਾਂ ਨੂੰ ਬਰਸਾਤ ਦੇ ਦਿਨਾਂ ਵਿੱਚ ਨਿਰਵਿਘਨ ਬਿਜਲੀ ਅਤੇ ਪਾਣੀ ਦੀ ਸਪਲਾਈ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਿਲਡਰਾਂ ਅਤੇ ਡਿਵੈਲਪਰਾਂ ਨੂੰ ਹਦਾਇਤ ਕੀਤੀ ਜਾਣੀ ਚਾਹੀਦੀ ਹੈ ਕਿ ਉਹ ਆਪਣੇ ਹਾਊਸਿੰਗ ਪ੍ਰੋਜੈਕਟਾਂ ਨੂੰ ਪਾਣੀ ਦੇ ਢੁਕਵੇਂ ਨਿਪਟਾਰੇ ਅਤੇ ਬਿਜਲੀ ਸਪਲਾਈ ਦੇ ਪ੍ਰਬੰਧਾਂ ਨਾਲ ਲੈਸ ਕਰਨ ਕਿਉਂਕਿ ਪਿਛਲੇ ਹੜ੍ਹਾਂ ਵਿੱਚ ਇਸ ਨੂੰ ਵੱਡੀ ਸਮੱਸਿਆ ਦੇ ਰੂਪ ਵਿੱਚ ਦੇਖਿਆ ਗਿਆ ਸੀ।
ਰਾਜ ਸਭਾ ਦੇ ਮੈਂਬਰ ਸ . ਵਿਕਰਮਜੀਤ ਸਿੰਘ ਸਾਹਨੀ ਨੇ ਮੋਹਾਲੀ ਵਿਖੇ ਸ਼ੁਰੂ ਕੀਤੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮਾਣਕਪੁਰ ਸ਼ਰੀਫ ਦੇ ਆਈ.ਟੀ.ਆਈ. ਦੇ ਨਵੀਨੀਕਰਨ ਦੇ ਸਭ ਤੋਂ ਮਹੱਤਵਪੂਰਨ ਪ੍ਰੋਜੈਕਟ ਵੱਲ ਉਚੇਚਾ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਇਸ ਨੂੰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਸੈਂਟਰ ਆਫ ਐਕਸੀਲੈਂਸ ਵਜੋਂ ਤਬਦੀਲ ਕੀਤਾ ਜਾਣਾ ਹੈ। ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਲਈ ਨੌਕਰੀਆਂ ਪੈਦਾ ਕਰਨ ਨੂੰ ਆਪਣੀ ਤਰਜੀਹ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ 1.28 ਕਰੋੜ ਦੇ ਪ੍ਰੋਜੈਕਟ ਜਲਦੀ ਤੋਂ ਜਲਦੀ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ। ਇਸ ਗਰਾਂਟ ਵਿੱਚੋਂ 1 ਕਰੋੜ ਰੁਪਏ ਸਿਰਫ਼ ਮਸ਼ੀਨਰੀ ਲਈ ਹਨ।
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਭਰੋਸਾ ਦਿੰਦਿਆਂ ਕਿਹਾ ਕਿ ਉਹ ਹਰ ਹਫ਼ਤੇ ਸਾਰੇ ਪ੍ਰੋਜੈਕਟਾਂ ਦੀ ਖੁਦ ਨਿਗਰਾਨੀ ਕਰਨਗੇ ਅਤੇ ਜਿੱਥੇ ਕਿਤੇ ਵੀ ਕੰਮ ਪਛੜ ਗਿਆ ਜਾਪਦਾ ਹੈ, ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਸੰਸਦ ਮੈਂਬਰਾਂ ਨੂੰ ਭਵਿੱਖ ਵਿੱਚ ਹੜ੍ਹ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਸੁਪਰ ਸਕਸ਼ਨ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ। ਸੰਸਦ ਮੈਂਬਰਾਂ ਨੇ ਇਸ ਸਬੰਧੀ ਗ੍ਰਾਂਟ ਜਾਰੀ ਕਰਨ ਲਈ ਪ੍ਰਸਤਾਵ ਮੰਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਵੀ ਮੌਜੂਦ ਸਨ।
ਸੰਸਦ ਮੈਂਬਰਾਂ ਨੇ ਰਾਸ਼ਟਰੀ ਸਿਹਤ ਮਿਸ਼ਨ, ਰਾਸ਼ਟਰੀ ਗ੍ਰਾਮੀਣ ਪੀਣ ਵਾਲੇ ਪਾਣੀ ਪ੍ਰੋਗਰਾਮ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ, ਸਵੱਛ ਭਾਰਤ ਮਿਸ਼ਨ, ਸਵੱਛ ਭਾਰਤ ਮਿਸ਼ਨ-ਗ੍ਰਾਮੀਣ, ਰਾਸ਼ਟਰੀ ਵਿਰਾਸਤੀ ਸ਼ਹਿਰ ਵਿਕਾਸ ਅਤੇ ਸੰਸ਼ੋਧਨ ਯੋਜਨਾ, ਅਮਰੁੱਤ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਸਭ ਲਈ ਘਰ – ਸ਼ਹਿਰੀ), ਦੀਨ ਦਿਆਲ ਉਪਾਧਿਆਏ – ਗ੍ਰਾਮੀਣ ਕੌਸ਼ੱਲਿਆ ਯੋਜਨਾ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਰਾਸ਼ਟਰੀ ਖੁਰਾਕ ਸੁਰੱਖਿਆ ਮਿਸ਼ਨ, ਖੇਤੀਬਾੜੀ ਮਸ਼ੀਨੀਕਰਨ 2022, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਏਕੀਕ੍ਰਿਤ ਵਾਟਰਸ਼ੈੱਡ ਪ੍ਰਬੰਧਨ ਪ੍ਰੋਗਰਾਮ, ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਾਰੰਟੀ, ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਦੀਨ ਦਿਆਲ ਅਨਤੋਦਿਆ ਯੋਜਨਾ, ਸਮਗਰ ਸਿੱਖਿਆ ਅਭਿਆਨ ਅਤੇ ਮਿਡ-ਡੇ-ਮੀਲ ਯੋਜਨਾ, ਏਕੀਕ੍ਰਿਤ ਬਾਲ ਵਿਕਾਸ ਯੋਜਨਾ, ਜਲ ਸ਼ਕਤੀ ਯੋਜਨਾ ਅਤੇ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਬਾਰੇ ਵੀ ਪ੍ਰਗਤੀ ਦਾ ਜਾਇਜ਼ਾ ਲਿਆ।