ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ

S. Gurmeet Singh Khudian
S. Gurmeet Singh Khudian
ਮੂੰਹਖੁਰ ਰੋਕੂ ਵੈਕਸੀਨ ਦੀਆਂ 65 ਲੱਖ ਤੋਂ ਵੱਧ ਖੁਰਾਕਾਂ ਉਪਲੱਬਧ: ਗੁਰਮੀਤ ਸਿੰਘ ਖੁੱਡੀਆਂ

 

ਚੰਡੀਗੜ੍ਹ, 20 ਅਕਤੂਬਰ 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ ਗਠਨ ਕੀਤਾ ਗਿਆ ਹੈ।

ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਵਿਆਪਕ ਟੀਕਾਕਰਨ ਮੁਹਿੰਮ ਲਈ ਐਫ.ਐਮ.ਡੀ. ਵੈਕਸੀਨ ਦੀਆਂ ਕੁੱਲ 65,47,800 ਖੁਰਾਕਾਂ ਉਪਲੱਬਧ ਕਰਵਾਈਆਂ ਗਈਆਂ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਟੀਕਾਕਰਨ ਮੁਹਿੰਮ ਨੂੰ ਨਵੰਬਰ ਦੇ ਅਖੀਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੂੰਹਖੁਰ ਰੋਕੂ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੇ ਸਮੁੱਚੇ ਪਸ਼ੂਧਨ ਨੂੰ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੋਲਡ ਚੇਨ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਪਸ਼ੂ-ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਟੀਕਾਕਰਨ ਮੁਹਿੰਮ ਦੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਲਈ ਐਨ.ਆਰ.ਡੀ.ਡੀ.ਐਲ, ਜਲੰਧਰ ਦੇ ਜਾਇੰਟ ਡਾਇਰੈਕਟਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ ਨਾਲ ਜ਼ਿਲ੍ਹਾ ਪੱਧਰ ‘ਤੇ ਵੀ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸ੍ਰੀ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਇੱਕ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਹੈ।

Spread the love