ਚੰਡੀਗੜ੍ਹ, 3 ਅਕਤੂਬਰ 2021
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਲਖੀਮਪੁਰ ਖੇੜੀ ਵਿਖੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਕੇ ਤਿੰਨ ਕਿਸਾਨਾਂ ਨੂੰ ਮੌਤ ਦੀ ਘਾਟ ਉਤਾਰਨ ਤੇ 8 ਹੋਰਨਾਂ ਨੁੰ ਗੰਭੀਰ ਫੱਟੜ ਕਰਨ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮਾਮਲੇ ਵਿਚ ਉੱਤਰ ਪ੍ਰਦੇਸ਼ ਪੁਲਿਸ ਨੇ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੁੰ ਬਚਾਉਣ ਦਾ ਯਤਨ ਕਰ ਰਹੀ ਹੈ ਜੋ ਹੈਰਾਨੀਜਨਕ ਤੇ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਨਾ ਸਿਰਫ ਅਸ਼ੀਸ਼ ਮਿਸ਼ਰਾ ਦੇ ਖਿਲਾਫ ਤੁਰੰਤ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ ਬਲਕਿ ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਹੁਣ ਤੱਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਦੇਸ਼ ਵਿਚ ਇਕ ਬਹੁਤ ਗਲਤ ਸੰਕੇਤ ਗਿਆ ਹੈ। ਉਹਨਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਉੱਤਰ ਪ੍ਰਦੇਸ਼ ਸਰਕਾਰ ਨੂੰ ਤੁਰੰਤ ਹਦਾਇਤ ਕਰੇ ਕਿ ਕਤਲ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਨਿਆਂ ਪ੍ਰਦਾਨ ਕੀਤਾ ਜਾਵੇ। ਉਹਨਾਂ ਕਿਹਾ ਕਿ ਅਸ਼ੀਸ਼ ਮਿਸ਼ਰਾ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਸੰਦੇਸ਼ ਜਾਵੇ ਕਿ ਦੇਸ਼ ਅੰਨਦਾਤਾ ਦੇ ਖਿਲਾਫ ਅਜਿਹੀ ਕਰੂਰਤਾ ਦੀ ਇਜਾਜ਼ਤ ਨਹੀਂ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਇਸ ਨਿਰਦਈ ਕਾਰੇ ਦੀ ਜ਼ੋਰਦਾਰ ਨਿਖੇਧੀ ਕਰਦੇ ਹਾਂ।