ਪਟਿਆਲਾ, 12 ਸਤੰਬਰ :-
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਹਦਾਇਤਾਂ ਉਤੇ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਧਬਲਾਨ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਸਹਿਕਾਰੀ ਸਭਾ ਵਿੱਚ ਲੱਗੇ ਕਿਸਾਨ ਸਿਖਲਾਈ ਕੈਂਪ ਦੀ ਅਗਵਾਈ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ ਵੱਲੋਂ ਕੀਤੀ ਗਈ।
ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਸੁਖਵੀਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਦੇ ਪ੍ਰਬੰਧਨ ਲਈ ਸੁਸਾਇਟੀਆਂ ਵਿੱਚ ਉਪਲਬਧ ਮਸ਼ੀਨਰੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਸ਼ੀਨਰੀ ਦੀ ਉਪਲਬਧਤਾ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ।
ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਕੇ ਇਸ ਦੀ ਵਰਤੋਂ ਖੇਤਾਂ ਵਿੱਚ ਹੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਵੀਆਂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਉਤੇ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਦੇ ਹੋਏ ਬਿਨ੍ਹਾਂ ਅੱਗ ਲਗਾਏ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਇਆ ਜਾਵੇ। ਇਸ ਮੌਕੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਝੋਨੇ ਦੇ ਮਧਰੇ ਰਹਿ ਰਹੇ ਬੂਟਿਆਂ ਦੀ ਰੋਕਥਾਮ ਸਬੰਧੀ ਵੀ ਮਾਹਰਾਂ ਵੱਲੋਂ ਜ਼ਰੂਰੀ ਨੁਕਤੇ ਸਾਂਝੇ ਕੀਤੇ ਗਏ। ਕੈਂਪ ਵਿੱਚ ਗੁਰਦੀਪ ਸਿੰਘ ਸਮੇਤ ਪਿੰਡ ਦੇ ਵੱਡੀ ਗਿਣਤੀ ਕਿਸਾਨਾਂ ਨੇ ਸ਼ਿਰਕਤ ਕੀਤੀ।