ਸ੍ਰੀ ਚਮਕੌਰ ਸਾਹਿਬ, 3 ਮਾਰਚ :- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੁਦਰਤ ਦੀ ਇਸ ਕਰੋਪੀ ਵਿੱਚ ਅੰਨਦਾਤੇ ਨਾਲ ਖੜ੍ਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਵੱਖ ਵੱਖ ਪਿੰਡਾਂ ਵਿੱਚ ਬੇਮੌਸਮੀ ਬਰਸਾਤ ਕਾਰਨ ਖ਼ਰਾਬ ਹੋਈ ਫ਼ਸਲ ਦਾ ਅਫਸਰਾਂ ਨੂੰ ਨਾਲ ਲੈਂ ਕੇ ਨਿਰੀਖਣ ਕਰਦਿਆਂ ਕੀਤਾ।
ਵਿਧਾਇਕ ਨੇ ਇਸ ਮੌਕੇ ਅਫਸਰਾਂ ਨੂੰ ਇਕ ਹਫਤੇ ਵਿਚ ਗਿਰਦਾਵਰੀ ਕਰ ਕੇ ਰਿਪੋਰਟ ਸਰਕਾਰ ਨੂੰ ਭੇਜਣ ਸਬੰਧੀਆਂ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਖ਼ਰਾਬ ਫ਼ਸਲ ਦਾ ਉਚਿੱਤ ਮੁਆਵਜ਼ਾ ਕਿਸਾਨਾਂ ਨੂੰ ਦਿੱਤਾਂ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਮੌਸਮੀ ਬਰਸਾਤ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਸਲਾਂ, ਬਾਗਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤਾਂ ਜੋ ਅੰਨਦਾਤੇ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਸਕੇ ।
ਡਾਕਟਰ ਚਰਨਜੀਤ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਨਾਲ ਐਨ.ਪੀ.ਰਾਣਾ, ਜਗਤਾਰ ਸਿੰਘ ਘੜੂੰਆਂ, ਪੀ.ਏ.ਬਰਿੰਦਰਜੀਤ ਸਿੰਘ ਬਾਠ, ਕੇਵਲ ਜੋਸ਼ੀ, ਬਲਾਕ ਪ੍ਰਧਾਨ ਇਕਬਾਲ ਸਿੰਘ , ਗੁਰਵੀਰ ਸਿੰਘ ਗੁਰੀ, ਸੁਖਬੀਰ ਸਿੰਘ ਐਮ.ਸੀ ਸ੍ਰੀ ਚਮਕੌਰ ਸਾਹਿਬ, ਭੂਸ਼ਨ ਰਾਣਾ, ਐਡਵੋਕੇਟ ਕੁਲਵਿੰਦਰ ਸਿੰਘ, ਨਿਰਮਲਪ੍ਰੀਤ ਸਿੰਘ ਮਿਹਰਵਾਨ ਆਦਿ ਹਾਜ਼ਰ ਸਨ।