ਵਿਧਾਨ ਸਭਾ ਚੋਣਾਂ-2022: ਨਾਮਜ਼ਦਗੀ ਪ੍ਰਕਿਰਿਆ ਸਬੰਧੀ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਦਿੱਤੀ ਸਿਖਲਾਈ

JASPREET SINGH
ਵਿਧਾਨ ਸਭਾ ਚੋਣਾਂ-2022:  ਨਾਮਜ਼ਦਗੀ ਪ੍ਰਕਿਰਿਆ ਸਬੰਧੀ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਦਿੱਤੀ ਸਿਖਲਾਈ
ਵਧੀਕ ਡਿਪਟੀ ਕਮਿਸ਼ਨਰ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

ਜਲੰਧਰ, 19 ਜਨਵਰੀ 2022

ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਮਜ਼ਦਗੀ ਪ੍ਰਕਿਰਿਆ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰਪੂਰਵਕ ਜਾਣੂ ਕਰਵਾਉਣ ਲਈ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟ੍ਰੇਨਿੰਗ ਕਰਵਾਈ ਗਈ ਤਾਂ ਜੋ ਨਾਮਜ਼ਦਗੀ ਪ੍ਰਕਿਰਿਆ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਹੋਰ ਪੜ੍ਹੋ :-ਜਿਲ੍ਹਾ ਚੋਣ ਅਧਿਕਾਰੀ ਨੇ ਜਿਲੇ੍ਹ ਵਿੱਚ ਪ੍ਰਾਜੈਕਟ ਸਨਮਾਨ ‘‘ਆਓ ਵੋਟ ਪਾਉਣ ਚੱਲੀਏ’’ ਕੀਤਾ ਲਾਂਚ

ਸਿਖਲਾਈ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ 20 ਫਰਵਰੀ ਨੂੰ ਜ਼ਿਲ੍ਹਾ ਜਲੰਧਰ ਦੇ 9 ਵਿਧਾਨ ਸਭਾ ਦੇ 1975 ਬੂਥਾਂ ‘ਤੇ ਵੋਟਾਂ ਪੈਣਗੀਆਂ, ਜਿਸ ਲਈ 25 ਜਨਵਰੀ ਤੋਂ 1 ਫਰਵਰੀ 2022 ਤੱਕ ਰਿਟਰਨਿੰਗ ਅਫ਼ਸਰਾਂ ਵੱਲੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ। ਜਦਕਿ 2 ਫਰਵਰੀ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 4 ਫਰਵਰੀ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਉਨ੍ਹਾਂ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਨਾਮਜ਼ਦਗੀ ਪ੍ਰਕਿਰਿਆ ਸਬੰਧੀ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਇਨ੍ਹਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਸਮੂਹ ਰਿਟਰਨਿੰਗ ਅਫ਼ਸਰ ਆਪੋ-ਆਪਣੇ ਦਫ਼ਤਰਾਂ ਵਿੱਚ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਪ੍ਰੋਟੋਕੋਲ ਅਨੁਸਾਰ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ।

ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਓਜਸਵੀ ਅਲੰਕਾਰ, ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਵੀ ਮੌਜੂਦ ਸਨ।

Spread the love