ਚੰਡੀਗੜ੍ਹ, 27 ਫਰਵਰੀ 2025
ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਦੀ ਜਾਂਚ ਏਜੰਸੀ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਕਤ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਇਸ ਅਧਿਕਾਰੀ ਨੇ ਆਪਣੀ ਸਰਕਾਰੀ ਨੌਕਰੀ ਦੌਰਾਨ ਭ੍ਰਿਸ਼ਟ ਕਾਰਵਾਈਆਂ ਰਾਹੀਂ ਕਾਫ਼ੀ ਦੌਲਤ ਇਕੱਠੀ ਕੀਤੀ ਹੈ। ਜਾਂਚ ਵਿੱਚ ਖੁਲਾਸਾ ਹੋਇਆ ਕਿ ਗੁਰਪ੍ਰੀਤ ਸਿੰਘ ਨੇ ਕਈ ਜਾਇਦਾਦਾਂ ਖਰੀਦੀਆਂ ਹੋਈਆਂ ਹਨ ਅਤੇ ਵੱਖ-ਵੱਖ ਬੈਂਕਾਂ ਅਤੇ ਡਾਕਘਰਾਂ ਵਿੱਚ ਫਿਕਸਡ ਡਿਪਾਜ਼ਿਟ ਰਾਹੀਂ 1.83 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ ਕੀਤੀ ਹੋਈ ਹੈ, ਜੋ ਕਿ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ 129 ਫ਼ੀਸਦ ਵੱਧ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ। ਇਸ ਕੇਸ ਦੇ ਸਬੰਧ ਵਿੱਚ ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਲਈ ਗਈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਭੇਜੀਆਂ ਗਈਆਂ ਹਨ।