ਵੋਟਰ ਅਤੇ ਟੀਕਾਕਰਨ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Awareness Van
ਵੋਟਰ ਅਤੇ ਟੀਕਾਕਰਨ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਵੈਨ ਰਾਹੀਂ ਪੰਜ ਦਿਨਾਂ ਤੱਕ ਜ਼ਿਲ੍ਹੇ ਦੇ ਵੱਖ ਵੱਖ ਥਾਵਾਂ ਤੇ ਲੋਕਾਂ ਨੂੰ ਵੋਟ ਦੇ ਅਧਿਕਾਰ ਅਤੇ ਕੋਵਿਡ ਟੀਕਾਕਰਨ ਪ੍ਰਤੀ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

ਫਿਰੋਜ਼ਪੁਰ 14 ਫਰਵਰੀ 2022 

ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਵੋਟਿੰਗ ਅਤੇ ਕੋਵਿਡ ਟੀਕਾਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਰਤ ਸਰਕਾਰ,  ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ (ਐਫ.ਓ.ਬੀ.) ਵੱਲੋਂ ਇੱਕ ਜਾਗਰੂਕਤਾ ਵੈਨ ਚਲਾਈ ਗਈ ਹੈ, ਇਸ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਫੀਲਡ ਪਬਲੀਸਿਟੀ ਅਫ਼ਸਰ ਰਾਜੇਸ਼ ਬਾਲੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਹੋਰ ਪੜ੍ਹੋ :- 20 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜਰ ਕਰਵਾਏ ਜਾ ਰਹੇ ਹਨ ਵੋਟਰ ਜਾਗਰੂਕਤਾ ਪ੍ਰੋਗਰਾਮ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਪੰਜ ਦਿਨਾਂ ਤੱਕ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਲੋਕਾਂ ਨੂੰ ਕੋਵਿਡ ਟੀਕਾਕਰਨ ਕਰਵਾਉਣ ਲਈ ਵੀ ਜਾਗਰੂਕ ਕਰੇਗੀ।

ਡਿਪਟੀ ਕਮਿਸ਼ਨਰ ਦਿਆਲਨ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀ ਇਹ ਕੋਸ਼ਿਸ਼ ਹੈ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਨਵੇਂ ਅਤੇ ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਲਈ ਅੱਗੇ ਆਉਣ ਅਤੇ ਇਸ ਲੋਕਤੰਤਰੀ ਪ੍ਰਕਿਰਿਆ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਖੁਦ ਆਪਣੀ ਜਿੰਮਵਾਰੀ ਸਮਝਦੇ ਹੋੲ ਕੋਵਿਡ ਮਹਾਂਮਾਰੀ ਤੋਂ ਬਚਾਓ ਲਈ ਟੀਕਾਕਰਨ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਰਾਜੇਸ਼ ਬਾਲੀ ਨੇ ਅੱਗੇ ਦੱਸਿਆ ਕਿ ਇਸ ਜਾਗਰੂਕਤਾ ਵੈਨ ਨੂੰ ਇਸ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ ਕਿ ਇਹ ਲੋਕਾਂ ਨੂੰ ਵੋਟਿੰਗ, ਵੀਪੀਪੈਟ ਦੀ ਵਰਤੋਂ ਅਤੇ ਸਬੰਧਿਤ ਐਪਲੀਕੇਸ਼ਨ ਜਿਵੇਂ ਕਿ ਆਪਣੇ ਉਮੀਦਵਾਰ ਨੂੰ ਜਾਣੋ, ਸੀ-ਵਿਜੀਲ ਅਤੇ ਵੋਟਰ ਹੈਲਪਲਾਈਨ ਵਰਗੀਆਂ ਐਪਲੀਕੇਸ਼ਨਾਂ ਬਾਰੇ ਜਾਗਰੂਕ ਕਰੇਗੀ। ਇਸ ਵੈਨ ਵਿਚ ਤਸਵੀਰਾਂ, ਬੈਨਰਾਂ ਅਤੇ ਗੀਤਾਂ ਆਦਿ ਦੇ ਮਾਧਿਅਮ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਅਮਿਤ ਮਹਾਜਨ, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼, ਡੀਈਓ ਸਕੈਂਡਰੀ ਚਮਕੌਰ ਸਿੰਘ, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਚੋਣਾਂ ਕਾਨੂੰਗੋ ਗਗਨ,  ਤਕਨੀਕੀ ਸਹਾਇਕ ਐਫਓਬੀ ਕਾਵਿਸ਼ ਦੱਤ, ਕਮਲ ਸ਼ਰਮਾ, ਚਰਨਜੀਤ ਸਿੰਘ, ਲਖਵਿੰਦਰ ਸਿੰਘ, ਪਿੱਪਲ ਸਿੰਘ ਮੌਜੂਦ ਸਨ।