ਵੋਟਰ ਸੂਚੀ ਵਿੱਚ ਦਰਜ ਇੰਦਰਾਜਾਂ ਪ੍ਰਤੀ ਦਾਅਵੇ ਅਤੇ ਇਤਰਾਜ਼ 30 ਨਵੰਬਰ 2021 ਤੱਕ ਪ੍ਰਾਪਤ ਕੀਤੇ ਜਾਣਗੇ : ਜ਼ਿਲ੍ਹਾ ਚੋਣ ਅਫ਼ਸਰ

GHANSHYAM THORI
1.21 ਲੱਖ ਤੋਂ ਵੱਧ ਇੰਤਕਾਲ ਕਰ ਕੇ ਜਲੰਧਰ ਨੇ ਸੂਬੇ ਭਰ ’ਚ ਸਭ ਤੋਂ ਘੱਟ ਪੈਂਡੈਂਸੀ ’ਚ ਹਾਸਲ ਕੀਤਾ ਮੋਹਰੀ ਸਥਾਨ : ਡਿਪਟੀ ਕਮਿਸ਼ਨਰ
ਦਾਅਵੇ ਅਤੇ ਇਤਰਾਜ਼ ਲੈਣ ਲਈ 6 ਤੇ 7 ਨਵੰਬਰ ਅਤੇ 20 ਤੇ 21 ਨਵੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਜਲੰਧਰ, 3 ਨਵੰਬਰ 2021

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਲੋਕ ਸਭਾ/ਵਿਧਾਨ ਸਭਾ ਚੋਣ ਹਲਕਿਆਂ ਦੀ ਫੋਟੋ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵੋਟਰਾਂ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ, 2022 ਦਾ ਵਿਸ਼ੇਸ਼ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।

ਹੋਰ ਪੜ੍ਹੋ :-ਅਬੋਹਰ ਵਿਖੇ ਬਣਨ ਵਾਲੇ ਆਬਾ ਪਾਰਕ ਦਾ ਰੱਖਿਆ ਗਿਆ ਨੀਂਹ ਪੱਥਰ 

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01-01-2022 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 01 ਨਵੰਬਰ, 2021 ਨੂੰ ਕੀਤੀ ਗਈ ਹੈ। ਵੋਟਰ ਸੂਚੀ ਵਿੱਚ ਦਰਜ ਇੰਦਰਾਜਾਂ ਪ੍ਰਤੀ ਦਾਅਵੇ ਅਤੇ ਇਤਰਾਜ਼ਾਂ ਦੇ ਫਾਰਮ ਮਿਤੀ 30 ਨਵੰਬਰ, 2021 ਤੱਕ ਸਮੂਹ ਬੂਥ ਲੈਵਲ ਅਫ਼ਸਰਾਂ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰਾਂ ਵਿਖੇ ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ 6 ਨਵੰਬਰ, 2021 (ਸ਼ਨੀਵਾਰ), 7 ਨਵੰਬਰ, 2021 (ਐਤਵਾਰ), 20 ਨਵੰਬਰ, 2021 (ਸ਼ਨੀਵਾਰ) ਅਤੇ 21 ਨਵੰਬਰ, 2021 (ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣੇ ਹਨ। ਇਨ੍ਹਾਂ ਮਿਤੀਆਂ ਦੌਰਾਨ ਬੀ.ਐਲ.ਓਜ਼ ਵੱਲੋਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਹਾਜ਼ਰ ਰਹਿ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀ ਨੂੰ ਤਿਆਰ ਕਰਨ ਬਾਰੇ ਯੋਗਤਾ ਮਿਤੀ 01 ਜਨਵਰੀ, 2022 ਹੈ ਅਰਥਾਤ ਚੋਣ ਖੇਤਰ ਵਿੱਚ ਸਾਧਾਰਣ ਤੌਰ ‘ਤੇ ਰਿਹਾਇਸ਼ ਰੱਖਣ ਵਾਲੇ ਉਹ ਵਿਅਕਤੀ, ਜਿਨ੍ਹਾਂ ਦੀ ਉਮਰ ਮਿਤੀ 01 ਜਨਵਰੀ, 2022 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਜਾਵੇਗੀ, ਜੇਕਰ ਉਨ੍ਹਾਂ ਦਾ ਨਾਮ ਭਾਰਤ ਵਿੱਚ ਕਿਸੇ ਵੀ ਸਥਾਨ ਦੀ ਵੋਟਰ ਸੂਚੀ ਵਿੱਚ ਪਹਿਲਾਂ ਦਰਜ ਨਹੀਂ ਹੈ ਤਾਂ ਉਹ ਆਪਣਾ ਨਾਮ ਦਰਜ ਕਰਵਾਉਣ ਲਈ ਨਿਰਧਾਰਤ ਫਾਰਮ ਵਿੱਚ ਦਾਅਵਾ ਪੇਸ਼ ਕਰ ਸਕਦੇ ਹਨ।    ਉਨ੍ਹਾਂ ਕਿਹਾ ਕਿ ਅਜਿਹੇ ਦਾਅਵੇ ਅਤੇ ਇਤਰਾਜ਼ ਦਾਖਲ ਕਰਨ ਲਈ ਲੋੜੀਂਦੇ ਫਾਰਮ ਸਮੂਹ ਪੋਲਿੰਗ ਸਟੇਸ਼ਨਾਂ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰਾਂ ਵਿਖੇ ਵੋਟਰਾਂ ਦੀ ਸਹੂਲਤ ਲਈ ਮੁਫ਼ਤ ਉਪਲਬਧ ਹੋਣਗੇ ਅਤੇ ਫਾਰਮ ਭਰਨ ਵਿੱਚ ਸਹਾਇਤਾ ਕਰਨ ਲਈ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਮਦਦ ਵੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਬਿਨੈ-ਪੱਤਰ ਫਾਰਮ 6 ਵਿੱਚ, ਪ੍ਰਵਾਸੀ ਭਾਰਤੀ ਵਜੋਂ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫ਼ਾਰਮ ਨੰ. 6 ੳ, ਵੋਟਰ ਸੂਚੀ ਵਿੱਚ ਨਾਮ ਤੇ ਇਤਰਾਜ਼ ਜਾਂ ਪਹਿਲਾਂ ਤੋਂ ਦਰਜ ਇੰਦਰਾਜ ਦੀ ਕਟੌਤੀ ਲਈ ਫਾਰਮ 7, ਵੋਟਰ ਸੂਚੀ ਵਿੱਚ ਦਰਜ ਇੰਦਰਾਜਾਂ ਦੀ ਦਰੁੱਸਤੀ ਲਈ ਫਾਰਮ 8 ਅਤੇ ਇੱਕੋ ਹੀ ਵਿਧਾਨ ਸਭਾ ਹਲਕੇ ਵਿੱਚ ਰਿਹਾਇਸ਼ ਦੀ ਅਦਲਾ-ਬਦਲੀ ਲਈ ਫਾਰਮ 8 ਉ ਭਰਿਆ ਜਾਵੇ।

ਸ਼੍ਰੀ ਥੋਰੀ ਨੇ ਦੱਸਿਆ ਕਿ ਫਾਰਮ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਨੈਸ਼ਨਲ ਵੋਟਰ ਸਰਵਿਸਜ਼ ਪੋਰਟਲ (WWW.nvsp.in) ‘ਤੇ ਆਨਲਾਈਨ ਵੀ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਹੈਲਪਲਾਈਨ ਮੋਬਾਈਲ ਐਪਲੀਕੇਸ਼ਨ ਜਾਰੀ ਕੀਤੀ ਗਈ ਹੈ, ਜਿਸ ਰਾਹੀਂ ਬਿਨੈਕਾਰ ਆਪਣੇ ਮੋਬਾਈਲ ਵਿੱਚ ਐਪ ਇੰਸਟਾਲ ਕਰਨ ਉਪਰੰਤ ਆਪਣੇ ਮੋਬਾਈਲ ਤੋਂ ਵੀ ਆਪਣਾ ਫਾਰਮ ਭਰ ਸਕਣਗੇ, ਜੋ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਡਾਟਾ ਐਂਟਰੀ ਸਾਫਟਵੇਅਰ ERONET ਨਾਲ ਲਿੰਕ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਰ ਸੂਚੀ/ਚੋਣਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਜ਼ਿਲਾ ਵੋਟਰ ਹੈਲਪਲਾਈਨ ਨੰ. 1950 (ਟੋਲ ਫ੍ਰੀ) ਰਾਹੀਂ ਕੰਮ-ਕਾਜ ਵਾਲੇ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ/ਵੋਟਰਾਂ ਨੂੰ ਅਪੀਲ ਕੀਤੀ ਕਿ ਭਾਰਤੀ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਿਯੋਗ ਦੇਣ ਲਈ ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਗਈ ਵੋਟਰ ਸੂਚੀ ਦੀ ਵਿਸ਼ੇਸ਼ ਮੁਹਿੰਮ-2022 ਦੌਰਾਨ ਆਪਣਾ ਨਾਮ ਫ਼ੋਟੋ ਵੋਟਰ ਸੂਚੀ ਵਿੱਚ ਸ਼ਾਮਿਲ ਕਰਵਾਉਣ ਲਈ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

Spread the love