ਮੌਸਮ ਦੇ ਬਦਲਾਅ ਕਾਰਨ ਕਣਕ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ:ਡਾ.ਅਮਰੀਕ ਸਿੰਘ।

AMRIK SINGH
ਮੌਸਮ ਦੇ ਬਦਲਾਅ ਕਾਰਨ ਕਣਕ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ:ਡਾ.ਅਮਰੀਕ ਸਿੰਘ।
ਸਮਰਾਲਾ,ਸਿੰਬਲੀ ਗੁੱਲਪੁਰ,ਫਰੀਦਾਨਗਰ ,ਦਰਸੋਪੁਰ ਪਿੰਡਾਂ ਵਿੱਚ ਕਿਸਾਨਾਂ ਨੂੰ ਕਣਕ ਦੀ ਪੀਲੀ ਕੁੰਗੀ ਤੋਂ ਬਚਾਅ ਲਈ ਜਾਗਰੁਕ ਕੀਤਾ ਗਿਆ।

ਪਠਾਨਕੋਟ: 1 ਫਰਵਰੀ 2022

ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਵਿੰਦਰ ਸਿੰਘ ਖਾਲਸਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ (ਸਮੇਤ ਘਰੋਟਾ ਅਤੇ ਸੁਜਾਨਪੁਰ ) ਵਿੱਚ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਬਾਰੇ ਜਾਗਰੁਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਵਿਭਾਗੀ ਟੀਮਾਂ ਵੱਲੋਂ ਪਹੁੰਚ ਕਰਕੇ ਕਿਸਾਨਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ।ਇਸ ਮੁਹਿੰਮ ਦੌਰਾਨ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਸਮਰਾਲਾ,ਸਿੰਬਲੀ, ਗੁੱਲਪੁਰ, ਫਰੀਦਾਨਗਰ, ਮਿਰਜ਼ਾਪੁਰ ਅਤੇ ਦਰਸੋਪੁਰ ਆਦਿ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਦੇਖ ਰੇਖ ਸੰਬੰਧੀ ਜਾਗਰੁਕ ਕੀਤਾ ਗਿਆਂ।ਇਸ ਟੀਮ ਵਿੱਚ ਡਾ. ਵਿਕਰਾਂਤ ਧਵਨ ,ਡਾ. ਸੁਖਪ੍ਰੀਤ ਸਿੰਘ ਡਿਪਟੀ ਪੀ ਡੀ ਆਤਮਾ,ਸ਼੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਉੱਤਮ ਚੰਦ ਸ਼ਾਮਿਲ ਸਨ।

ਹੋਰ ਪੜ੍ਹੋ :-ਚੋਣ ਕਮਿਸ਼ਨ ਪੰਜਾਬ ਦਾ ਮਸਕਟ ‘ਸ਼ੇਰਾ’ ਕੀਤਾ ਡਿਪਟੀ ਕਮਿਸ਼ਨਰ ਨੇ ਲਾਂਚ

ਪਿੰਡ ਗੁੱਲਪੁਰ ਵਿੱਚ ਸ੍ਰੀ ਰਾਮੇਸ਼ ਕੁਮਾਰ ਸ਼ਰਮਾ ਦੇ ਖੇਤਾਂ ਵਿੱਚ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ  ਨੇ ਕਿਹਾ ਕਿ ਮੋਸਮ ਦੀ ਤਬਦੀਲੀ ਨਾਲ ਕਣਕ ਦੀ ਫਸਲ ਅਤੇ ਹੋਰ ਹਾੜੀ ਦੀਆਂ ਫਸਲਾਂ ਉੱਪਰ ਕੀੜਿਆਂ ਅਤੇ ਬਿਮਾਰੀਆਂ ਦਾ ਹਮਲਾ ਹੋ ਸਕਦਾ ਹੈ,ਜਿਸ ਬਾਰੇ ਕਿਸਾਨਾਂ ਨੂੰ ਚੇਤੰਨ ਰਹਿਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਜੇਕਰ ਕਿਸੇ ਕਿਸਮ ਦੀ ਕੋਈ ਸਮੱਸਿਆ ਆਵੇ ਤਾਂ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।ਉਨਾਂ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਕਣਕ ਅਤੇ ਹੋਰ ਹਾੜੀ ਦੀਆਂ ਫਸਲਾਂ ਉੱਪਰ ਫਿਲਹਾਲ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਦਾ ਹਮਲਾ ਨਹੀਂ ਹੋਇਆ ਫਿਰ ਵੀ ਕਿਸਾਨਾਂ ਨੂੰ ਚੌਕਸ ਰਹਿਣ ਦੀ ਜ਼ਰੂਰਤ ਹੈ।ਉਨਾਂ ਦੱਸਿਆ ਕਿ ਬਲਾਕ ਪਠਾਨਕੋਟ (ਸਮੇਤ ਘਰੋਟਾ ੳਤੇ ਸੁਜਾਨਪੁਰ ਵਿਚ ਲਗਭਗ 13564 ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਹੈ।ਉਨਾਂ ਕਿਹਾ ਕਿ ਮੌਸਮੀ ਬਦਲਾਅ ਕਾਰਨ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਦੀ ਸੰਭਾਵਿਤ ਹਮਲੇ ਨੂੰ ਰੋਕਣ ਲਈ ਪਿੰਡਾਂ ਵਿੱਚ ਨਿਰੰਤਰ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੁਕ ਕਰਕੇ ਬਿਮਾਰੀ ਦੇ ਹਮਲੇ ਨੂੰ ਸ਼ੁਰੂ ਵਿੱਚ ਹੀ ਰੋਕਿਆ ਜਾ ਸਕੇ।ਉਨਾਂ ਕਿਹਾ ਕਿ ਜਨਵਰੀ ਮਹੀਨੇ ਦੌਰਾਨ ਬੇਮੌਸਮੀ ਬਾਰਸ਼ਾਂ ਕਾਰਨ ਨੀਵੈ ਖੇਤਰਾਂ ਵਿੱਚ ਕਣਕ ਦੀ ਫਸਲ ਕੁਝ ਪੀਲੀ ਪੈ ਗਈ ਹੈ ।

ਉਨਾਂ ਕਿਹਾ ਕਿ ਕਣਕ ਦੀ ਫਸਲ ਵਿੱਚੋਂ ਨਾਈਟ੍ਰੋਜਨ ਦੀ ਘਾਟ ਕਾਰਨ ਪੀਲਾਪਣ  ਦੂਰ ਕਰਨ ਲਈ 3 ਕਿਲੋ ਯੂਰੀਆਂ ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਦੇ ਘੋਲ ਵਿੱਚ ਗੋਲ ਨੋਜ਼ਲ ਨਾਲ ਛਿੜਕਾਅ ਕਰਨਾ ਦੇਣਾ ਚਾਹੀਦਾ।ਉਨਾਂ ਕਿਹਾ ਕਿ ਜ਼ਿਲਾ ਪਠਾਨਕੋਟ ਨੀਮ ਪਹਾੜੀ ਇਲਾਕਾ ਹੋਣ ਕਾਰਨ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਬਿਮਾਰੀ ਦੇ ਹਮਲੇ ਦੀ ਸੰਭਾਵਨਾ ਬਣੀ ਰਹਿੰਦੀ ਹੈ,ਇਸ ਲਈ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੁਕ ਰਹਿਣਾ ਚਾਹੀਦਾ ਹੈ।ਉਨਾਂ  ਨੇ ਕਿਹਾ ਕਿ ਪੀਲੀ ਕੁੰਗੀ ਸਭ ਤੋਂ ਪਹਿਲਾਂ ਹੇਠਲੇ ਪੱਤਿਆਂ ਉੱਪਰ ਆਉਂਦੀ ਹੈ, ਜੋ ਪੀਲੇ ਰੰਗ ਦੇ ਪਾਊਡਰੀ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ,ਜੇਕਰ ਪ੍ਰਭਾਵਤ ਪੱਤੇ ਨੂੰ ਦੋ ਉੰਗਲਾਂ ਵਿੱਚ ਫੜਿਆ ਜਾਵੇ ਤਾਂ ਉੰਗਲਾਂ ਤੇ ਪੀਲਾ ਪਾਊਡਰ ਲੱਗ ਜਾਂਦਾ ਹੈ। ਉਨਾਂ ਕਿਹਾ ਕਿ ਕਿਸਾਨ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤਾਂ ਤੁਰੰਤ 200 ਮਿ.ਲੀ. ਪ੍ਰੋਪੀਕੋਨਾਜ਼ੋਲ 25 ਈ ਸੀ ਟਿਲਟ/ਬੰਪਰ/ਸ਼ਾਈਨ/ਕੰਪਾਸ/ਮਾਰਕਜ਼ੋਲ) ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਫਸਲ ਪ੍ਰਭਾਵਤ ਹਿੱਸੇ ਤੇ ਛਿੜਕਾਅ ਕਰ ਦੇਣਾ ਚਾਹੀਦਾ ਹੈ। ਸ੍ਰੀ ਗੁਰਦਿੱਤ ਸਿੰਘ ਨੇ ਕਿਹਾ ਕਿ ਉੱਲੀਨਾਸ਼ਕ ਰਸਾਇਣਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਗੋਲ ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ।

Spread the love