ਫਤਿਹਗੜ੍ਹ ਸਾਹਿਬ, 13 ਫਰਵਰੀ 2022
ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ਤੇ ਲੰਮਾ ਸਮਾਂ ਸੰਘਰਸ਼ ਕਰ ਰਹੇ ਕਿਸਾਨ ਬੰਤ ਸਿੰਘ ਨੂੰ ਪਿੰਡ ਜੱਲ੍ਹਾ ਵਿਖੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਸਮੇਂ ਲੱਡੂਆਂ ਨਾਲ ਤੋਲ ਕੇ ਸਨਮਾਨਿਤ ਕੀਤਾ ਗਿਆ ।
ਹੋਰ ਪੜ੍ਹੋ :-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੇਂਦਰੀ ਜੇਲ ਪਟਿਆਲਾ ਦਾ ਕੀਤਾ ਅਚਾਨਕ ਨਿਰੀਖਣ
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਹਲਕਾ ਫਤਿਹਗਡ਼੍ਹ ਸਾਹਿਬ ਤੋਂ ਉਮੀਦਵਾਰ ਜਥੇਦਾਰ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਕਿਸਾਨਾਂ ਅੱਗੇ ਝੁਕ ਕੇ ਰੱਦ ਕਰਨ ਲਈ ਮਜਬੂਰ ਹੋਣਾ ਪਿਆ, ਜਿਸ ਵਿੱਚ 700 ਦੇ ਲਗਭਗ ਕਿਸਾਨਾਂ ਨੂੰ ਆਪਣੀਆਂ ਜਾਨਾਂ ਤੱਕ ਗਵਾਉਣੀਆਂ ਪਈਆਂ । ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਕਿਸਾਨਾਂ ਦੀ ਆਪਣੀ ਪਾਰਟੀ ਹੈ ਜੋ ਕਿਸਾਨਾਂ ਦੀ ਸਹੀ ਤਰਜਮਾਨੀ ਕਰਦੀ ਆਈ ਹੈ ਅਤੇ ਕਰਦੀ ਰਹੇਗੀ। ਜਥੇਦਾਰ ਚੀਮਾ ਨੇ ਕਿਹਾ ਕਿ ਪਿਛਲੀਆਂ ਲੱਗੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਲੋਂ ਝੂਠੇ ਵਾਅਦੇ ਅਤੇ ਜਨਤਾ ਨੂੰ ਲਾਰਿਆਂ ਵਿਚ ਲਾ ਕੇ ਸਰਕਾਰ ਤਾਂ ਬਣਾ ਲਈ ਪ੍ਰੰਤੂ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ ।
ਉਨ੍ਹਾਂ ਕਿਹਾ ਕਿ ਇਨ੍ਹਾਂ ਵਾਅਦਿਆਂ ਅਤੇ ਲਾਰਿਆਂ ਤੋਂ ਅੱਕੀ ਹੋਈ ਪੰਜਾਬ ਦੀ ਜਨਤਾ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀ ਤਰੀਕ ਨੂੰ ਉਡੀਕ ਰਹੀ ਹੈ ਤਾਂ ਜੋ ਕਾਂਗਰਸ ਪਾਰਟੀ ਨੂੰ ਚਲਦਾ ਕੀਤਾ ਜਾ ਸਕੇ ।
ਇਸ ਮੋਕੇ ਜਥੇਦਾਰ ਕਰਨੈਲ ਸਿੰਘ ਪੰਜੋਲੀ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਵਿੰਦਰ ਸਿੰਘ ਰਵੀ ਜੱਲਾ, ਕਰਮਜੀਤ ਸਿੰਘ ਰਵੀ, ਗੁਰਜੰਟ ਸਿੰਘ ਜੱਲ੍ਹਾ ਲੰਬੜਦਾਰ, ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਗੁਰਿੰਦਰ ਸਿੰਘ ਲਾਡੀ ਅਤੇ ਹੋਰ ਨਗਰ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ ।
ਜਥੇਦਾਰ ਜਗਦੀਪ ਸਿੰਘ ਚੀਮਾ ਪਿੰਡ ਜੱਲ੍ਹਾ ਵਿਖੇ ਦਿੱਲੀ ਵਿਖੇ ਲੰਮਾ ਸਮਾਂ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਿਸਾਨ ਬੰਤ ਸਿੰਘ ਦਾ ਲੱਡੂਆਂ ਨਾਲ ਤੋਲ ਕੇ ਸਨਮਾਨ ਕਰਦੇ ਹੋਏ।